ਅਕਾਲੀ ਦਲ ਦੀਆਂ ਯੋਜਨਾਵਾਂ ਨੂੰ ਆਪਣੀਆਂ ਦੱਸ ਕੇ ਗੁਜਰਾਤ ਵਿੱਚ ਝੂਠਾ ਪ੍ਰਚਾਰ ਕਰ ਰਹੀ ਹੈ : ਆਪ-ਅੰਤਿਮ ਖੋਸਲਾ

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਅੰਤਿਮ ਖੋਸਲਾ ਨੇ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ’ਤੇ ਝੂਠੇ ਪ੍ਰਚਾਰ ਦਾ ਸਹਾਰਾ ਲੈਣ ਦਾ ਦੋਸ਼ ਲਾਉਂਦੇ ਹੋਏ ਉਨ੍ਹਾਂ ਕਿਹਾ ਕਿ ਗੁਜਰਾਤ ਚੋਣ ਪ੍ਰਚਾਰ ਦੌਰਾਨ ਪਾਰਟੀ ਦੇ ਆਗੂ ਪੁਰਾਣੀਆਂ ਅਕਾਲੀ ਦਲ ਦੀਆਂ ਯੋਜਨਾਵਾਂ ਨੂੰ ਆਪਣੀਆਂ ਦੱਸ ਕੇ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ। ਅੰਤਿਮ ਖੋਸਲਾ ਨੇ ਗੁਜਰਾਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦਾਅਵੇ ਦੀ ਆਲੋਚਨਾ ਕੀਤੀ ਕਿ ‘ਆਪ’ ਨੇ ਪੰਜਾਬ ਵਿੱਚ ਹਰ ਚਾਰ ਕਿਲੋ ਮੀਟਰ ਤੇ ਮੰਡੀਆਂ ਸਥਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠ ਹੈ। ਉਨ੍ਹਾਂ ਨੇ ਗੁਜਰਾਤ ਵਿੱਚ ਅਰਵਿੰਦ ਕੇਜਰੀਵਾਲ ਦੇ ਵਾਅਦੇ ’ਤੇ ਵੀ ਨਿਸ਼ਾਨਾ ਸਾਧਿਆ ਕਿ ਉਹ ਪੰਜਾਬ ਵਾਂਗ ਹੀ ਗੁਜਰਾਤ ਵਿੱਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨਗੇ। ਅੰਤਿਮ ਖੋਸਲਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਮੰਡੀਆਂ ਦਾ ਨੈੱਟਵਰਕ ਸਥਾਪਤ ਕਰਨਾ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨਾ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਸੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਅਕਾਲੀ ਦਲ ਤੋਂ ਬਾਅਦ ਸੱਤਾ ਵਿੱਚ ਆਈਆਂ ਸਰਕਾਰਾਂ ਨੇ ਇਨ੍ਹਾਂ ਨੂੰ ਕਮਜ਼ੋਰ ਕਰਨ ਜਾਂ ਬੰਦ ਕਰਨ ਦੀ ਸਾਜ਼ਿਸ਼ ਰਚੀ ਹੈ। ਅੰਤਿਮ ਖੋਸਲਾ ਨੇ ‘ਆਪ’ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਦੇ ਪੰਜਾਬ ਵਿੱਚ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਣ ਦੇ ਚੋਣ ਵਾਅਦੇ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੈਸੇ ਵੰਡਣੇ ਸ਼ੁਰੂ ਹੋ ਗਏ ਹਨ, ਜਦੋਂਕਿ ਅਸਲੀਅਤ ਇਹ ਹੈ ਕਿ ਪੰਜਾਬ ਵਿੱਚ ਅੱਜ ਤੱਕ ਇੱਕ ਵੀ ਔਰਤ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਬਜਾਏ ਇਸ਼ਤਿਹਾਰਾਂ ’ਤੇ ਹਜ਼ਾਰਾਂ ਕਰੋੜ ਰੁਪਏ ਬਰਬਾਦ ਕਰ ਰਹੀ ਹੈ। ਅੰਤਿਮ ਖੋਸਲਾ ਨੇ ਮਿਲਕਫੈੱਡ ਵੇਰਕਾ ਦੁੱਧ ਪਾਊਡਰ ਘੁਟਾਲੇ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਨੇ ਕੁਝ ਜੂਨੀਅਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਭਾਰਤੀ ਫੌਜ ਨੂੰ ਸਪਲਾਈ ਕੀਤੇ ਗਏ ਘਟੀਆ ਦੁੱਧ ਪਾਊਡਰ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ। ਅੰਤਿਮ ਖੋਸਲਾ ਨੇ ਕਿਹਾ ਕਿ ਕਿਉਂਕਿ ਸਹਿਕਾਰਤਾ ਮੰਤਰਾਲਾ ਖੁਦ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੈ, ਇਸ ਲਈ ਨਿਰਪੱਖ ਜਾਂਚ ਦੀ ਉਮੀਦ ਕਰਨਾ ਮੁਸ਼ਕਿਲ ਹੈ। ਸਿਰਫ਼ ਇੱਕ ਉੱਚ ਪੱਧਰੀ ਜਾਂਚ ਹੀ ਇਸ ਘੁਟਾਲੇ ਵਿੱਚ ਸ਼ਾਮਲ ਵੱਡੇ ਨਾਵਾਂ ਦਾ ਪਰਦਾਫਾਸ਼ ਕਰ ਸਕਦੀ ਹੈ।