- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ ਕਰਵਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸ਼ਰਵਣ ਕੁਮਾਰ ਸਾਬਤ ਕੀਤਾ ਹੈ। ਉਹ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਪਿਆਂ ਵਾਂਗ ਸੇਵਾ ਕਰ ਰਹੇ ਹਨ।

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਫਗਵਾੜਾ ਵਿੱਚ ਹੋਈ ਧਾਰਮਿਕ ਸ਼ਾਮ ਉਸ ਸਮੇਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ, ਜਦੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਜ਼ਿਲ੍ਹੇ ਵਿੱਚ ਕਰਵਾਈ ਗਈ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਮੂਲੀਅਤ ਕੀਤੀ। ਹਜ਼ਾਰਾਂ ਸ਼ਰਧਾਲੂਆਂ ਨੇ ਇਕੱਠੇ ਹੋ ਕੇ ਭਗਵਾਨ ਸ਼ਿਵ ਦੀ ਭਗਤੀ ਕੀਤੀ ਅਤੇ ਸਮਾਗਮ ਦੌਰਾਨ “ਹਰ ਹਰ ਮਹਾਦੇਵ” ਅਤੇ “ਬਮ ਬਮ ਭੋਲੇ” ਦੇ ਜੈਕਾਰੇ ਗੂੰਜਦੇ ਰਹੇ।
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ ਕਰਵਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸ਼ਰਵਣ ਕੁਮਾਰ ਸਾਬਤ ਕੀਤਾ ਹੈ। ਉਹ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਪਿਆਂ ਵਾਂਗ ਸੇਵਾ ਕਰ ਰਹੇ ਹਨ।
‘ਆਪ’ ਆਗੂ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੁੱਤਰ ਭਗਵੰਤ ਸਿੰਘ ਮਾਨ ਨੂੰ ਇਸੇ ਤਰ੍ਹਾਂ ਅਸੀਸਾਂ ਦਿੰਦੇ ਰਹਿਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਾਰੀ ਉਮਰ ਬਜ਼ੁਰਗਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਭਗਵੰਤ ਮਾਨ ਸਰਕਾਰ ਜਿੰਨਾ ਕੰਮ ਨਹੀਂ ਕੀਤਾ।
ਭਜਨ ਸੰਧਿਆ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕੀਤਾ ਗਿਆ ਹੈ। ਹੁਣ ਸਲਾਸਰ-ਸ਼੍ਰੀ ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਦੀਆਂ ਤੀਰਥ ਯਾਤਰਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਯਾਤਰਾਵਾਂ ਦੀ ਬਹੁਤ ਜ਼ਿਆਦਾ ਮੰਗ ਹੈ ਅਤੇ ਲੰਬੀਆਂ ਵੇਟਿੰਗ ਲਿਸਟਾਂ ਹਨ, ਇਸ ਲਈ ਲੋਕਾਂ ਨੂੰ ਆਪਣੀ ਬੁਕਿੰਗ ਪਹਿਲਾਂ ਹੀ ਕਰਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਸਥਾਨਾਂ ਲਈ 1.5 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਕਰਵਾਈ ਜਾਵੇਗੀ।
ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਮੁੜ ਵਿਕਾਸ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦਾ 80 ਕਰੋੜ ਰੁਪਏ ਦੀ ਲਾਗਤ ਨਾਲ ਪੂਰੀ ਤਰ੍ਹਾਂ ਮੁੜ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਇਸ ਦਾ ਕੰਮ ਲਗਭਗ 10 ਅਕਤੂਬਰ ਦੇ ਆਸ-ਪਾਸ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉੱਥੇ ਬਹੁਤ ਹੀ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮਾਤਾ ਕਾਲੀ ਵਿੱਚ ਬਹੁਤ ਸ਼ਰਧਾ ਹੈ, ਇਸ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਵਾਰ ਮਾਤਾ ਕਾਲੀ ਦੇ ਦਰਸ਼ਨ ਕਰਕੇ ਅਸੀਸ ਪ੍ਰਾਪਤ ਕਰਨੀ ਚਾਹੀਦੀ ਹੈ।
‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਪਹਿਲਕਦਮੀ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਫਗਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਭਜਨ ਸੰਧਿਆ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਪੰਜਾਬ ਦੇ 23 ਸ਼ਹਿਰਾਂ ਵਿੱਚ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਸਨਾਤਨ ਧਰਮ ਲਈ ਬਹੁਤ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹ ਖੁਦ ਹਰ ਸ਼ਿਵ ਭਜਨ ਸੰਧਿਆ ਵਿੱਚ ਸ਼ਾਮਲ ਹੁੰਦੇ ਹਨ ਅਤੇ ਮਾਨ ਸਾਹਿਬ ਖੁਦ ਵੀ ਇਨ੍ਹਾਂ ਉਪਰਾਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਨਾਤਨ ਧਰਮ ਲਈ ਓਨਾ ਕੰਮ ਨਹੀਂ ਕੀਤਾ ਜਿੰਨਾ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਗੱਲ ਤੋਂ ਖੁਸ਼ ਹਨ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਵੱਡੀ ਹਾਜ਼ਰੀ ਸੂਬਾ ਸਰਕਾਰ ਨੂੰ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਹੌਸਲਾ ਦਿੰਦੀ ਹੈ।
ਪੰਜਾਬ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ ਜਿੱਥੇ ਹਰ ਬੀਜ ਉੱਗ ਸਕਦਾ ਹੈ ਪਰ ਨਫ਼ਰਤ ਦਾ ਬੀਜ ਨਹੀਂ ਉੱਗ ਸਕਦਾ। ਪੰਜਾਬ ਵਿੱਚ ਏਕਤਾ ਦੀ ਭਾਵਨਾ ਬਹੁਤ ਮਜ਼ਬੂਤ ਹੈ ਅਤੇ ਲੋਕ ਸਾਰੇ ਤਿਉਹਾਰ ਮਿਲਜੁਲ ਕੇ ਮਨਾਉਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਾਈਚਾਰਕ ਸਾਂਝ ਅਤੇ ਆਜ਼ਾਦੀ ਦੀ ਧਰਤੀ ਹੈ ਅਤੇ ਵੰਡ ਪੈਦਾ ਕਰਨ ਵਾਲੀਆਂ ਤਾਕਤਾਂ ਇੱਥੇ ਕਦੇ ਕਾਮਯਾਬ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ ਪਰ ਇਸ ਵਿੱਚ ਹਰ ਧਰਮ ਦੇ ਲੋਕ ਸ਼ਾਮਲ ਹੋ ਰਹੇ ਹਨ। ਇਹ ਪੰਜਾਬ ਦੀ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਦਰਸਾਉਂਦਾ ਹੈ।
ਆਮ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ।
ਨੌਜਵਾਨਾਂ, ਘਰਾਂ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਦੀ ਭਲਾਈ ਲਈ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਦਿੱਤੀ ਜਾ ਰਹੀ ਹੈ, ਲਗਭਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਸਿੰਚਾਈ ਸਹੂਲਤਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਸਿੰਚਾਈ ਪ੍ਰਣਾਲੀ ਵਿੱਚ ਸੁਧਾਰ ਕੀਤਾ ਗਿਆ ਹੈ ਅਤੇ ਸੂਬੇ ਵਿੱਚ ਖੇਤੀਬਾੜੀ ਖੇਤਰ ਲਈ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਪਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਰਕਮ ਸਿੱਧੀ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 97% ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।
ਲੋਕ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।