ਕਪੂਰਥਲਾ ਹਲਕੇ ਵਿੱਚ ਆਪ ਨੂੰ ਲੱਗਾ ਵੱਡਾ ਝਟਕਾ ਜ਼ਿਲ੍ਹਾ ਜੁਆਇੰਟ ਸਕੱਤਰ ਅਕਾਲੀ ਦਲ ਵਿਚ ਹੋਏ ਸ਼ਾਮਿਲ

--2027 ’ਚ ਬਹੁਮਤ ਨਾਲ ਸਰਕਾਰ ਬਣਾਏਗਾ ਸ਼੍ਰੋਮਣੀ ਅਕਾਲੀ ਦਲ : ਸਿੱਧੂ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਨਾਲ ਕਪੂਰਥਲਾ ਹਲਕੇ ਵਿਚ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ, ਜਿਸ ਤਹਿਤ ਮੰਗਲਵਾਰ ਨੂੰ ਆਮ ਆਦਮੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਪਰਮਜੀਤ ਸਿੰਘ ਸੋਨੂੰ ਔਜਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਤੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਮਜੀਤ ਸਿੰਘ ਸੋਨੂੰ ਔਜਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦਿਆਂ ਪਰਮਜੀਤ ਸਿੰਘ ਸੋਨੂੰ ਔਜਲਾ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਸੋਨੂੰ ਔਜਲਾ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਖੁਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਰਮਜੀਤ ਸੋਨੂੰ ਔਜਲਾ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਹਰ ਪੱਖ ਤੋਂ ਬਣਦਾ ਮਾਨ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਵਿਚ ਆਉਣ ਵਾਲੇ ਦਿਨਾਂ ਵਿਚ ਵੱਡੇ ਸਿਆਸੀ ਬਦਲਾਅ ਦੇ ਸੰਕੇਤ ਦਿੰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਪੰਜਾਬ ਨੂੰ ਬਚਾਉਣ ਲਈ ਮੁੜ ਅਕਾਲੀ ਦਲ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਵਾਅਦੇ ਹਵਾ ਵਿਚ ਹੀ ਤੈਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਨਿਰਾਸ਼ਾ ਤੇ ਗੁੱਸੇ ਵਿਚ ਹੈ। ਪੰਜਾਬ ਵਿਚ ਅਪਰਾਧ ਲਗਾਤਾਰ ਵੱਧ ਰਹੇ ਹਨ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਤੋਂ ਹਟ ਕੇ ਅਕਾਲੀ ਦਲ ਵੱਲ ਹੋ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕ ਇਸ ਵਾਰ ਭਾਵਨਾਵਾਂ ਨਹੀਂ, ਸਗੋਂ ਕਾਰਗੁਜ਼ਾਰੀ ਅਤੇ ਤਜ਼ਰਬੇ ਨੂੰ ਤਰਜੀਹ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਬਹੁਮਤ ਨਾਲ ਜਿੱਤ ਨੂੰ ਪੱਕਾ ਕਰਨਗੇ। ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਅਕਾਲੀ ਵਰਕਰਾਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਅਹੁਦੇਦਾਰ ਅਤੇ ਵਰਕਰਾਂ ਸਮੇਤ ਕਈ ਬੁੱਧੀਜੀਵੀ, ਧਾਰਮਿਕ ਆਗੂ, ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੇ ਨਿੱਜੀ ਸੰਪਰਕ ਵਿਚ ਹਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਉਂਦੇ ਦਿਨਾਂ ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ, ਪੀਏਸੀ ਮੈਂਬਰ ਅਜੈ ਬਬਲਾ, ਵਰਕਿੰਗ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ ਆਦਿ ਹਾਜ਼ਰ ਸਨ।