ਆਪ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ : ਐਡਵੋਕੇਟ ਚੰਦੀ
ਆਪ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਵੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ : ਐਡਵੋਕੇਟ ਚੰਦੀ
Publish Date: Sun, 07 Dec 2025 10:04 PM (IST)
Updated Date: Sun, 07 Dec 2025 10:06 PM (IST)

ਕਿਹਾ : ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਨਿਰੰਤਰ ਯਤਨ ਕਰ ਰਹੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਨਣ ਲਈ ਆਪਣੇ ਨਿਵਾਸ ਸਥਾਨ ਵਿਖੇ ਜਨਤਾ ਦਰਬਾਰ ਦਾ ਆਯੋਜਨ ਕੀਤਾ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਐਡਵੋਕੇਟ ਚੰਦੀ ਨੇ ਕਿਹਾ ਕਿ ਹਲਕੇ ਦੇ ਲੋਕ ਮੇਰੇ ਪਰਿਵਾਰ ਦੇ ਵਾਂਗ ਹਨ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣਾ ਮੇਰੀ ਪਹਿਲ ਹੈ। ਇਸ ਲਈ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਪੂਰਥਲਾ ਹਲਕੇ ਚ ਪੈਂਦੀਆਂ ਜ਼ਿਲਾ ਪ੍ਰੀਸ਼ਦਾਂ ਤੇ ਬਲਾਕ ਸੰਮਤੀਆਂ ਦੀ ਚੋਣਾਂ ਸ਼ਾਨਦਾਰ ਢੰਗ ਨਾਲ ਜਿੱਤੇਗੀ ਅਤੇ ਨਵਾਂ ਕੀਰਤੀਮਾਨ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਦ ਆਪਣਾ ਰਾਜ ਭਾਗ ਸੰਭਾਲਿਆ ਸੀ, ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਖਾਦੀ ਸੀ ਕਿ ਉਹ ਪੰਜਾਬ ’ਚੋਂ ਭ੍ਰਿਸ਼ਟਾਚਾਰ, ਨਸ਼ਿਆਂ ਦਾ ਖਾਤਮਾ ਕਰਨਗੇ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣਗੇ। ਉਨ੍ਹਾਂ ਆਪਣੇ ਵਾਅਦਿਆਂ ਨੂੰ ਇਕ-ਇਕ ਕਰਕੇ ਨਿਭਾਇਆ। ਇਸੇ ਕਾਰਨ ਹੀ ਸੂਬੇ ਵਿਚ ਹੁਣ ਤੱਕ ਜਿੰਨੀਆਂ ਜਿਮਨੀ ਚੋਣਾਂ ਚਾਹੇ ਉਹ ਲੋਕ ਸਭਾ ਦੀਆਂ ਹੋਣ ਜਾਂ ਵਿਧਾਨ ਸਭਾ ਦੀਆਂ ਸਾਰੀਆਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਦੋਂ ਉਨ੍ਹਾਂ ਨੇ ਆਰਟੀਓ ਦਫਤਰ ਨੂੰ ਤਾਲਾ ਲਗਾ ਕੇ ਇਹ ਐਲਾਨ ਕੀਤਾ ਕਿ ਹੁਣ ਪੰਜਾਬ ’ਚ ਭ੍ਰਿਸ਼ਟਾਚਾਰ ਦੇ ਸਾਰੇ ਰਸਤੇ ਬੰਦ ਹਨ, ਉਦੋਂ ਇਸ ਕਦਮ ਨੇ ਸੂਬੇ ਭਰ ’ਚ ਸਾਫ-ਸੁਥਰੇ ਪ੍ਰਸ਼ਾਸਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਜੇ ਪਿਛਲੇ 75 ਸਾਲਾਂ ਦੌਰਾਨ ਰਵਾਇਤੀ ਪਾਰਟੀਆਂ ਨੇ ਅਜਿਹੇ ਸਖਤ ਫੈਸਲੇ ਲਏ ਹੁੰਦੇ ਤਾਂ ਅੱਜ ਪੰਜਾਬ ਦੀ ਤਸਵੀਰ ਕੁਝ ਹੋਰ ਹੀ ਹੁੰਦੀ ਪਰ ਅਫ਼ਸੋਸ ਇਹ ਹੈ ਕਿ ਜਿਨ੍ਹਾਂ ਨੇ ਦਹਾਕਿਆਂ ਤੱਕ ਰਾਜ ਕੀਤਾ, ਉਹ ਖੁਦ ਹੀ ਅਧਿਕਾਰੀਆਂ ਨਾਲ ਮਿਲੀਭੁਗਤ ਕਰ ਕੇ ਲੋਕਾਂ ਦਾ ਖੂਨ ਚੂਸਦੇ ਰਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਨਿਰੰਤਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਸਰਲ ਤੇ ਪਾਰਦਰਸ਼ੀ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਆਪਣੇ ਕੰਮ ਲਈ ਕਿਸੇ ਅਧਿਕਾਰੀ ਜਾਂ ਕਰਮਚਾਰੀ ਅੱਗੇ ਸਿਰ ਨਾ ਝੁਕਾਉਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਪੰਜਾਬ ਵਿਚ ਸੁੱਚੇ ਪ੍ਰਸ਼ਾਸਨ ਦੀ ਨਵੀਂ ਸ਼ੁਰੂਆਤ ਹੈ।