ਮੋਗਾ ਰੈਲੀ ਲਈ ਵਰਕਰਾਂ ਖਿੱਚੀ ਤਿਆਰੀ : ਗੁਰਸਿਮਰ ਸਿੰਘ ਮੋਗਾ ਰੈਲੀ ਲਈ ਆਪ ਵਰਕਰਾਂ ਨੇ ਖਿੱਚੀ ਤਿਆਰੀ-ਗੁਰਸਿਮਰ ਸਿੰਘ
Publish Date: Tue, 24 Nov 2026 07:16 PM (IST)
Updated Date: Tue, 24 Nov 2026 07:19 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਆਪਣੇ ਸਥਾਪਨਾ ਦਿਵਸ ’ਤੇ ਮੋਗਾ ਵਿਖੇ ਕੀਤੀ ਜਾ ਰਹੀ ਮੈਗਾ ਰੈਲੀ ਨੂੰ ਸਫਲ ਬਣਾਉਣ ਲਈ ਫਗਵਾੜਾ ਵਿੱਚ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਆਗੂਆਂ ਤੇ ਵਰਕਰਾਂ ਨੇ ਰੈਲੀ ਵਿੱਚ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਮਰ ਕੱਸ ਲਈ ਹੈ। ਇਸ ਰੈਲੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦਕ ਤਿਆਰੀਆਂ ਦੀ ਇੱਕ ਮਹੱਤਵਪੂਰਨ ਸ਼ੁਰੂਆਤ ਮੰਨਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਯੁਵਾ ਆਗੂ ਗੁਰਸਿਮਰ ਸਿੰਘ ਨੇ ਕਿਹਾ ਕਿ ਮੋਗਾ ਵਿੱਚ ਹੋਣ ਵਾਲੀ ਇਹ ਮੈਗਾ ਰੈਲੀ ਮਿਸ਼ਨ-2027 ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਵਰਕਰਾਂ ਨੂੰ ਇੱਕਜੁੱਟ ਕਰਨ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੋਗਾ ਰੈਲੀ ਵਿੱਚ ਹਿੱਸਾ ਲੈਣਗੇ। ਗੁਰਸਿਮਰ ਸਿੰਘ ਨੇ ਕਿਹਾ ਕਿ ਰੈਲੀ ਲਈ ਪਾਰਟੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਭਰ ਤੋਂ ਪਾਰਟੀ ਵਲੰਟੀਅਰਾਂ, ਵਰਕਰਾਂ, ਆਗੂਆਂ ਤੇ ਸਮਰਥਕਾਂ ਸਮੇਤ 100,000 ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਸਾਰੇ ਸੀਨੀਅਰ ਆਗੂਆਂ ਦੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਵਿਰੋਧੀ ਪਾਰਟੀਆਂ ਨੂੰ ਇੱਕ ਮਜ਼ਬੂਤ ਰਾਜਨੀਤਿਕ ਸੰਦੇਸ਼ ਦੇਵੇਗੀ ਤੇ ਆਪ ਸਰਕਾਰ ਨੂੰ ਇਸਦੇ ਕੰਮ ਲਈ ਮਿਲੇ ਜਨਤਕ ਸਮਰਥਨ ਦਾ ਪ੍ਰਦਰਸ਼ਨ ਕਰੇਗੀ।