ਮੁੱਖ ਮੰਤਰੀ ਦੇ ਪੋਸਟਰਾਂ ਤੋਂ ਦਿੱਲੀ ਦੇ ਲੀਡਰ ਗਾਇਬ ਕਿਉਂ ਹੋਏ : ਸ਼ਰਨਜੀਤ ਸਿੰਘ ਮੁੱਖ ਮੰਤਰੀ ਦੇ ਪੋਸਟਰਾਂ ਤੋਂ ਦਿੱਲੀ ਦੀ ਟੀਮ ਗਾਇਬ ਹੋਣਾ ਸਿਆਸੀ ਚਰਚਾ ਦਾ ਵਿਸ਼ਾ: ਸ਼ਰਨਜੀਤ ਸਿੰਘ
Publish Date: Thu, 19 Nov 2026 07:32 PM (IST)
Updated Date: Thu, 19 Nov 2026 07:33 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਦਿੱਲੀ ਦੀ ਲੀਡਰਸ਼ਿਪ ਦੀ ਭੂਮਿਕਾ ਨੂੰ ਲੈ ਕੇ ਇੱਕ ਵਾਰ ਫਿਰ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਤੇ ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਰਕਾਰ ਚਲਾਉਣ ਸਬੰਧੀ ਦਿੱਲੀ ਦੀ ਟੀਮ ਦੀ ਭੂਮਿਕਾ ਨੂੰ ਲੈ ਕੇ ਲੋਕਾਂ ਵਿੱਚ ਨਾਰਾਜ਼ਗੀ ਹੈ ਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੋਸਟਰਾਂ ਵਿੱਚੋਂ ਦਿੱਲੀ ਦੀ ਲੀਡਰਸ਼ਿਪ ਦੇ ਚਿਹਰੇ ਗਾਇਬ ਦਿਖਾਈ ਦੇ ਰਹੇ ਹਨ। ਸ਼ਰਨਜੀਤ ਸਿੰਘ ਤੇ ਬੰਟੀ ਵਾਲੀਆ ਨੇ ਕਿਹਾ ਕਿ ਆਏ ਦਿਨ ਆਮ ਆਦਮੀ ਪਾਰਟੀ ਦੇ ਵੱਖ-ਵੱਖ ਆਗੂਆਂ ਵੱਲੋਂ ਅਜਿਹੇ ਬਿਆਨ ਸਾਹਮਣੇ ਆਉਂਦੇ ਰਹੇ ਹਨ ਕਿ ਪੰਜਾਬ ਦੀ ਸੱਤਾ ਦਿੱਲੀ ਦੀ ਟੀਮ ਵੱਲੋਂ ਚਲਾਈ ਜਾ ਰਹੀ ਹੈ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੂਮਿਕਾ ਸਿਰਫ਼ ਫੈਸਲਿਆਂ ਤੇ ਦਸਤਖ਼ਤ ਕਰਨ ਤੱਕ ਸੀਮਤ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸੂਤਰਾਂ ਅਨੁਸਾਰ ਕਰਵਾਏ ਗਏ ਸਰਵੇਖਣਾਂ ਵਿੱਚ ਵੀ ਲੋਕਾਂ ਵੱਲੋਂ ਦਿੱਲੀ ਦੀ ਲੀਡਰਸ਼ਿਪ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਭਰ ਵਿੱਚ ਲੱਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੋਸਟਰਾਂ ਵਿੱਚ ਸਿਰਫ਼ ਉਨ੍ਹਾਂ ਦੀ ਤਸਵੀਰ ਹੀ ਨਜ਼ਰ ਆ ਰਹੀ ਹੈ, ਜਦਕਿ ਪਹਿਲਾਂ ਦਿਖਾਈ ਦੇਣ ਵਾਲੀ ਦਿੱਲੀ ਦੀ ਟੀਮ ਦੇ ਆਗੂ ਇਨ੍ਹਾਂ ਪੋਸਟਰਾਂ ਵਿੱਚ ਨਜ਼ਰ ਨਹੀਂ ਆ ਰਹੇ। ਉਨ੍ਹਾਂ ਇਸ ਨੂੰ ਆਮ ਆਦਮੀ ਪਾਰਟੀ ਦੀ ਬਦਲਦੀ ਸਿਆਸੀ ਰਣਨੀਤੀ ਨਾਲ ਜੋੜਦਿਆਂ ਕਿਹਾ ਕਿ ਪਾਰਟੀ ਲੋਕਾਂ ਵਿੱਚ ਆਪਣੀ ਸਿਆਸੀ ਸਥਿਤੀ ਨੂੰ ਲੈ ਕੇ ਚਿੰਤਤ ਦਿਖਾਈ ਦੇ ਰਹੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ਤੇ ਹੋਣ ਵਾਲੇ ਵਿਕਾਸ ਤੇ ਕੰਮਾਂ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਆਪਣੀ ਸਿਆਸੀ ਸਰਗਰਮੀ ਦੇ ਦਮ ਤੇ ਲੋਕਾਂ ਤੱਕ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਵਿਕਾਸ ਨੂੰ ਮੁੱਖ ਮੁੱਦਾ ਬਣਾ ਕੇ ਚੋਣ ਮੈਦਾਨ ਵਿੱਚ ਉਤਰੇਗੀ ਤੇ ਪੰਜਾਬ ਦੀ ਸੱਤਾ ਤੇ ਕਾਬਿਜ ਹੋਕੇ ਵਧੀਆ ਸ਼ਾਸ਼ਨ ਪੰਜਾਬ ਦੇ ਲੋਕਾਂ ਨੂੰ ਦੇਵੇਗੀ।