- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏ ਸੀ ਅਤੇ ਸੈਨੇਟਰੀ ਦਾ ਸਾਮਾਨ ਚੋਰੀ

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਣ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ ਹਨ। ਤਾਜ਼ਾ ਘਟਨਾਕ੍ਰਮ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏਸੀ, ਏਸੀ ਦੀਆਂ ਪਾਈਪਾਂ ਅਤੇ ਸੈਨੇਟਰੀ ਦਾ ਸਾਮਾਨ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ।
ਜਾਣਕਾਰੀ ਦਿੰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਦੇ ਸੀਐੱਚਟੀ ਰਾਮ ਸਿੰਘ ਨੇ ਦੱਸਿਆ ਕਿ ਛੁੱਟੀਆਂ ਤੋਂ ਬਾਅਦ ਅੱਜ ਜਦੋਂ ਸਕੂਲ ਖੁੱਲ੍ਹੇ ਤਾਂ ਤਿੰਨ ਕਮਰਿਆਂ ਵਿੱਚ ਲੱਗੇ ਏਸੀ ਚਲਾਏ ਤਾਂ ਕਮਰੇ ਠੰਢੇ ਨਾ ਹੋਣ ਤੇ ਜਦੋਂ ਉਨ੍ਹਾਂ ਨੂੰ ਸ਼ੱਕ ਪਿਆ ਤਾਂ ਕਮਰਿਆਂ ਦੀਆਂ ਛੱਤਾਂ ’ਤੇ ਜਾ ਕੇ ਦੇਖਿਆ। ਉੱਥੇ ਇੱਕ ਏਸੀ ਗ਼ਾਇਬ ਸੀ ਅਤੇ ਦੂਜੇ ਦੋਵਾਂ ਏਸੀਜ਼ ਦੀਆਂ ਪਾਈਪਾਂ ਚੋਰੀ ਕੀਤੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਉਹ ਛੁੱਟੀਆਂ ਦੌਰਾਨ ਵੀ ਸਕੂਲ ਗੇੜਾ ਮਾਰਦੇ ਸਨ ਅਤੇ 20 ਜੂਨ ਤੱਕ ਸਭ ਠੀਕ ਸੀ। ਚੋਰੀ ਦੀ ਘਟਨਾ 20 ਤੋਂ 30 ਜੂਨ ਵਿਚਕਾਰ ਹੋਈ ਜਾਪਦੀ ਹੈ। ਇਸ ਮੌਕੇ ਸਕੂਲ ਸਟਾਫ ਮੈਂਬਰਾਂ ਅੰਜੂ ਬਾਲਾ, ਹਰਜੀਤ ਕੌਰ, ਕਮਲਪ੍ਰੀਤ ਕੌਰ ਅਤੇ ਹਰਵਿੰਦਰ ਸਿੰਘ ਟੋਡਰਵਾਲ ਨੇ ਦੱਸਿਆ ਕਿ ਸਕੂਲ ਵਿੱਚ ਪਿਛਲੇ ਸਾਲ ਤਿੰਨ ਏਸੀ ਲਾਉਣ ਦੀ ਸੇਵਾ ਸੀਐੱਚਟੀ ਰਾਮ ਸਿੰਘ ਵੱਲੋਂ ਕੀਤੀ ਗਈ ਸੀ ਜਿਸ ਦੀ ਮਾਪਿਆਂ ਨੇ ਖੂਬ ਪ੍ਰਸੰਸਾ ਕੀਤੀ ਸੀ। ਉਨ੍ਹਾਂ ਦੱਸਿਆ ਕਿ ਏਸੀ ਚੋਰੀ ਹੋਣ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਤਰੁੰਤ ਚੋਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ। ਸਟਾਫ ਮੈਂਬਰਾਂ ਨੇ ਦੱਸਿਆ ਕਿ ਚੋਰੀ ਦੀ ਘਟਨਾ ਸੰਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਪੰਚਾਇਤ ਮੈਂਬਰਾਂ ਸਮੇਤ ਸਕੂਲ ਦਾ ਦੌਰਾ ਕੀਤਾ ਅਤੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਚੋਰੀ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਨੇ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਕੂਲ ਸਟਾਫ ਨੂੰ ਸਹਿਯੋਗ ਦਿੱਤਾ ਜਾਵੇਗਾ ।