ਏਡੀਸੀ ਤੇ ਐੱਸਡੀਐੱਮ ਨੇ ਛੱਠ ਪੂਜਾ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ ਏ.ਡੀ.ਸੀ. ਤੇ ਐਸ.ਡੀ.ਐਮ. ਵੱਲੋਂ ਛਠ ਪੂਜਾ ਸਬੰਧੀ ਸਥਾਨਾਂ ’ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ
Publish Date: Thu, 12 Nov 2026 06:16 PM (IST)
Updated Date: Thu, 12 Nov 2026 06:18 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਛੱਠ ਪੂਜਾ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਫਗਵਾੜਾ ਹਲਕੇ ਦੇ ਅਰਬਨ ਅਸਟੇਟ ਤੇ ਗੋਬਿੰਦਪੁਰਾ ਵਿਖੇ ਸਥਿਤ ਨਿਰਧਾਰਤ ਛੱਠ ਪੂਜਾ ਸਥਾਨਾਂ ’ਤੇ ਸਫ਼ਾਈ ਮੁਹਿੰਮ ਚਲਾਈ ਗਈ, ਤਾਂ ਜੋ ਸ਼ਰਧਾਲੂਆਂ ਲਈ ਸਾਫ਼-ਸੁਥਰਾ, ਸੁਰੱਖਿਅਤ ਤੇ ਸੁਚੱਜਾ ਮਾਹੌਲ ਯਕੀਨੀ ਬਣਾਇਆ ਜਾ ਸਕੇ। ਇਹ ਸਫ਼ਾਈ ਮੁਹਿੰਮ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਗਈ। ਡਾ. ਚੱਬੇਵਾਲ ਵੱਲੋਂ ਮੰਗਲਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਛੱਠ ਪੂਜਾ ਦੇ ਤਿਉਹਾਰ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਸੀ। ਏਡੀਸੀ ਫਗਵਾੜਾ-ਕਮ-ਕਮਿਸ਼ਨਰ ਨਗਰ ਨਿਗਮ ਰਣਦੀਪ ਸਿੰਘ ਹੀਰ ਨੇ ਐੱਸਡੀਐੱਮ ਡਾ. ਨਵਜੋਤ ਸ਼ਰਮਾ ਤੇ ਡੀਐੱਸਪੀ ਪਲਵਿੰਦਰ ਸਿੰਘ ਦੇ ਨਾਲ ਦੋਵੇਂ ਸਥਾਨਾਂ ਦਾ ਦੌਰਾ ਕਰਕੇ ਚੱਲ ਰਹੇ ਸਫ਼ਾਈ ਕਾਰਜਾਂ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਗਰ ਨਿਗਮ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਉਨ੍ਹਾਂ ਵੱਲੋਂ ਛੱਠ ਪੂਜਾ ਦੇ ਪ੍ਰਬੰਧਕਾਂ ਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਧਾਰਮਿਕ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਵੱਲੋਂ ਦੋਵੇਂ ਸਥਾਨਾਂ ’ਤੇ ਟ੍ਰੈਫਿਕ ਤੇ ਸੁਰੱਖਿਆ ਸਮੇਤ ਵੱਖ-ਵੱਖ ਲੋੜੀਂਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ ਤੇ ਸ਼ਰਧਾਲੂਆਂ ਵੱਲੋਂ ਸੁਰੱਖਿਅਤ, ਸਾਫ਼-ਸੁਥਰੇ ਤੇ ਸੁਚੱਜੇ ਮਾਹੌਲ ਵਿੱਚ ਪੂਜਾ ਅਰਚਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਬੰਧਤ ਅਧਿਕਾਰੀਆਂ ਨੂੰ ਤਿਉਹਾਰ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਛੱਠ ਪੂਜਾ ਡੂੰਘੀ ਸ਼ਰਧਾ ਤੇ ਭਗਤੀ ਨਾਲ ਮਨਾਇਆ ਜਾਣ ਵਾਲਾ ਮਹੱਤਵਪੂਰਨ ਤਿਉਹਾਰ ਹੈ। ਖ਼ਾਸ ਤੌਰ ’ਤੇ ਸ਼ਰਧਾਲੂਆਂ ਵੱਲੋਂ ਸੂਰਜ ਦੇਵਤਾ ਤੇ ਛਠੀ ਮਈਆ ਦੀ ਪੂਜਾ ਕਰਕੇ ਆਪਣੇ ਪਰਿਵਾਰਾਂ ਦੀ ਖੁਸ਼ਹਾਲੀ, ਸੁੱਖ-ਸਮ੍ਰਿੱਧੀ ਤੇ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਆਪਣੇ ਧਾਰਮਿਕ ਤਿਉਹਾਰ ਸ਼ਾਂਤੀਪੂਰਨ ਮਾਹੌਲ ਵਿੱਚ ਮਨਾਉਣ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੁਹਰਾਇਆ ਕਿ ਛੱਠ ਪੂਜਾ ਦੇ 15 ਤੇ 16 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਤੋਂ ਪਹਿਲਾਂ ਸਫ਼ਾਈ ਤੇ ਹੋਰ ਸਾਰੀਆਂ ਲੋੜੀਂਦੀਆਂ ਨਾਗਰਿਕ ਸਹੂਲਤਾਂ ਸਮੇਤ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।