ਸੁਖਪਾਲ ਸਿੰਘ ਹੁੰਦਲ, ਕਪੂਰਥਲਾ : 71ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਸੱਭਿਆਚਾਰਕ ਪ੍ਰਰੋਗਰਾਮ ਦੀ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਦੀ ਨਿਗਰਾਨੀ ਹੇਠ ਮਾਸ ਪੀਟੀ ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ 'ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ ਅਤੇ ਉਨ੍ਹਾਂ ਪੂਰੇ ਜੋਸ਼ ਨਾਲ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਡਾ. ਸ਼ਿਖਾ ਭਗਤ ਨੇ ਪ੍ਰਰੋਗਰਾਮ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਭਲਕੇ ਵੀ ਸਟੇਡੀਅਮ ਵਿਖੇ ਰਿਹਰਸਲ ਹੋਵੇਗੀ ਤੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮ ਜੀਤ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸੁਖਵਿੰਦਰ ਸਿੰਘ ਖੱਸਣ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਹੋਰ ਅਧਿਕਾਰੀ ਹਾਜ਼ਰ ਸਨ।