ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
Publish Date: Tue, 20 Jan 2026 07:43 PM (IST)
Updated Date: Tue, 20 Jan 2026 07:45 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐੱਸਪੀ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ ਵਿਸ਼ਾਲ ਵਾਟਸ ਤੇ ਹੋਰ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਅਗਲੀ ਰਿਹਰਸਲ 21 ਅਤੇ 23 ਜਨਵਰੀ ਨੂੰ ਹੋਵੇਗੀ ਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕੀਤੀ ਜਾਵੇਗੀ, ਜਿਸ ਦੌਰਾਨ ਪੰਜਾਬ ਪੁਲਿਸ, ਅਰਧ-ਸੈਨਿਕ ਬਲਾ ਅਤੇ ਐੱਨਸੀਸੀ ਕੈਡੇਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਫਾਈ, ਸਜਾਵਟ, ਪ੍ਰਮੁੱਖ ਚੌਕਾਂ ਦੀ ਸਜਾਵਟ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬੈਠਣ ਦੇ ਇੰਤਜ਼ਾਮ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਬ੍ਰਿਗੇਡ, ਰਿਫਰੈਸ਼ਮੈਂਟ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਕਰਵਾਇਆ ਜਾ ਸਕੇ। ਦੱਸਣਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਅਦਾ ਕੀਤੀ ਜਾਵੇਗੀ।