ਪਰਾਲੀ ਸਾੜਨ ਵਾਲੇ 2 ਕਿਸਾਨਾਂ’ਤੇ ਐੱਫਆਈਆਰ ਦਰਜ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਪ੍ਰਸ਼ਾਸਨ ਦਾ ਸ਼ਿਕੰਜਾ! 2 ਕਿਸਾਨਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ
Publish Date: Sat, 24 Oct 2026 08:45 PM (IST)
Updated Date: Sat, 24 Oct 2026 08:46 PM (IST)
--ਐੱਸਡੀਐੱਮ ਜਸਜੀਤ ਸਿੰਘ ਤੇ ਏਐੱਸਪੀ ਧੀਰੇਂਦਰ ਵਰਮਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਇਸੇ ਤਹਿਤ ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਪਿੰਡ ਕਲਰੂ ਦੇ 2 ਕਿਸਾਨਾਂ ਗੁਰਚਰਨ ਸਿੰਘ ਤੇ ਸੁਖਦੇਵ ਸਿੰਘ ਖ਼ਿਲਾਫ਼ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਕਥਿਤ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਕਾਰਵਾਈ ਸੈਟੇਲਾਈਟ ਰਾਹੀਂ ਪ੍ਰਾਪਤ ਰਿਪੋਰਟ ਤੇ ਸਬੰਧਤ ਅਧਿਕਾਰੀਆਂ ਵੱਲੋਂ ਮੌਕੇ ’ਤੇ ਕੀਤੀ ਗਈ ਜਾਂਚ ਤੋਂ ਬਾਅਦ ਕੀਤੀ ਗਈ ਹੈ। ਇਸ ਸਬੰਧੀ ਐੱਸਡੀਐੱਮ ਸੁਲਤਾਨਪੁਰ ਲੋਧੀ ਜਸਜੀਤ ਸਿੰਘ ਤੇ ਏਐੱਸਪੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਤੋਂ ਸੈਟੇਲਾਈਟ ਰਾਹੀਂ ਪ੍ਰਾਪਤ ਰਿਪੋਰਟ ਦੇ ਆਧਾਰ ’ਤੇ ਸਬੰਧਤ ਨੋਡਲ ਤੇ ਕਲੱਸਟਰ ਅਧਿਕਾਰੀਆਂ ਵੱਲੋਂ ਖੇਤਾਂ ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਦੋਵਾਂ ਕਿਸਾਨਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023 ਦੀ ਧਾਰਾ 223 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸਡੀਐੱਮ ਜਸਜੀਤ ਸਿੰਘ ਤੇ ਏਐੱਸਪੀ ਧੀਰੇਂਦਰ ਵਰਮਾ ਨੇ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸੈਟੇਲਾਈਟ ਰਿਪੋਰਟਾਂ ਦੇ ਨਾਲ-ਨਾਲ ਖੇਤਾਂ ਵਿੱਚ ਜਾ ਕੇ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਦੀ ਪਛਾਣ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।