- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਲਈ ਪ੍ਰਸ਼ਾਸਨ ਨੇ ਕੱਸੀ ਕਮਰ, ਕਿਸਾਨਾਂ ਨੂੰ ਮੰਡੀਆਂ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ

1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ੁਰੂ
ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਝੋਨੇ ਦੀ ਆਗਾਮੀ ਸਰਕਾਰੀ ਖਰੀਦ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਲਤਾਨਪੁਰ ਲੋਧੀ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ ਵਿਖੇ ਐੱਸਡੀਐੱਮ ਜਸਜੀਤ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ ਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸੈਕਟਰੀ ਮਾਰਕੀਟ ਕਮੇਟੀ ਜਤਿੰਦਰ ਪਾਲ ਸਿੰਘ, ਫੂਡ ਐਂਡ ਸਪਲਾਈਜ਼ ਵਿਭਾਗ ਦੇ ਇੰਸਪੈਕਟਰ ਮਨਪ੍ਰੀਤ ਸਿੰਘ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਤੋਂ ਇਲਾਵਾ ਮਾਰਕਫੈੱਡ, ਪਨਸਪ ਤੇ ਪੰਜਾਬ ਸਟੇਟ ਵੇਅਰਹਾਊਸ ਦੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰ ਹਾਜ਼ਰ ਰਹੇ। ਇਸ ਦੌਰਾਨ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਸਟੋਰੇਜ, ਬਾਰਦਾਨੇ ਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਸਮੇਤ ਸਮੁੱਚੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਐੱਸਡੀਐੱਮ ਜਸਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਸਾਰੇ ਸਬੰਧਤ ਵਿਭਾਗਾਂ ਤੇ ਖਰੀਦ ਏਜੰਸੀਆਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਫਸਲ ਦੀ ਖਰੀਦ ਵਿੱਚ ਬੇਲੋੜੀ ਦੇਰੀ ਨਾ ਹੋਵੇ। ਸੁੱਕਾ ਝੋਨਾ ਮੰਡੀ ਵਿੱਚ ਲਿਆਉਣ ਨਾਲ ਕਿਸਾਨਾਂ ਦੇ ਸਮੇਂ ਦੀ ਬੱਚਤ ਹੋਵੇਗੀ ਤੇ ਖਰੀਦ ਏਜੰਸੀਆਂ ਨੂੰ ਵੀ ਫਸਲ ਦੀ ਖਰੀਦ ਤੇਜ਼ੀ ਨਾਲ ਮੁਕੰਮਲ ਕਰਨ ਵਿੱਚ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਮੰਡੀਆਂ ਵਿੱਚ ਫਸਲ ਦੇ ਅੰਬਾਰ ਲੱਗਣ ਤੋਂ ਵੀ ਰਾਹਤ ਮਿਲੇਗੀ ਤੇ ਲਿਫਟਿੰਗ ਦੀ ਪ੍ਰਕਿਰਿਆ ਸੁਚਾਰੂ ਰਹੇਗੀ।
ਮੀਟਿੰਗ ਦੌਰਾਨ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੀ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਅਧਿਕਾਰੀਆਂ ਵੱਲੋਂ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਪਰਾਲੀ ਤੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ। ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਧੂੰਏਂ ਤੇ ਧੁੰਦ ਕਾਰਨ ਸੜਕ ਹਾਦਸਿਆਂ ਦਾ ਖਤਰਾ ਵੀ ਵਧ ਜਾਂਦਾ ਹੈ। ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ, ਬੈਠਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ, ਆੜਤੀਆਂ, ਖਰੀਦ ਏਜੰਸੀਆਂ ਤੇ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਝੋਨੇ ਦਾ ਖਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਬਲਦੇਵ ਸਿੰਘ, ਪਰਮਜੀਤ ਪੁਰ, ਬਲਦੇਵ ਸਿੰਘ ਮੰਗਾ, ਪਰਮਜੀਤ, ਸਤਪਾਲ ਮਦਾਨ, ਬਲਜਿੰਦਰ ਸਿੰਘ ਖਿੰਡਾ, ਦੀਪਕ ਮੜੀਆ, ਦੀਪਕ ਨਈਅਰ, ਰਚਿਤ ਕੋਛੜ, ਸੰਨੀ ਗੁਪਤਾ, ਮੁਕੇਸ਼ ਗੁਪਤਾ, ਜਗਦੀਸ਼ ਸਟੈਨੋ ਤੇ ਮੰਡੀ ਸੁਪਰਵਾਈਜ਼ਰ ਹਰਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।