ਪ੍ਰਸ਼ਾਸਨ ਮਿੱਠੂ ਬਸਤੀ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ : ਸਰਬਜੀਤ ਰਾਜ
ਪ੍ਰਸ਼ਾਸਨ ਈਸਾਈ ਭਾਈਚਾਰੇ ਨਾਲ ਵਿਤਕਰਾ ਬੰਦ ਕਰਕੇ ਮਿੱਠੂ ਬਸਤੀ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ : ਸਰਬਜੀਤ ਰਾਜ
Publish Date: Wed, 10 Jun 2026 08:44 PM (IST)
Updated Date: Thu, 11 Jun 2026 04:09 AM (IST)

* ਘੱਟ ਗਿਣਤੀ ਕਮਿਸ਼ਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਈਸਾਈ ਭਾਈਚਾਰੇ ਵਿੱਚ ਭਾਰੀ ਰੋਸ਼ * ਕਿਹਾ, ਇਨਸਾਫ਼ ਲਈ ਹਾਈ ਕੋਰਟ ਤੱਕ ਪਹੁੰਚ ਕਰੇਗੀ ਆਲ ਇੰਡੀਆ ਕ੍ਰਿਸ਼ਚੀਅਨ ਫੈਲੋਸ਼ਿਪ ਕੈਪਸ਼ਨ : 10ਕੇਪੀਟੀ28 ਸਰਬਜੀਤ ਰਾਜ । ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਵਾਲੇ ਈਸਾਈ ਭਾਈਚਾਰੇ ਦੇ ਧਾਰਮਿਕ ਸਮਾਗਮਾਂ ਵਿੱਚ ਵਿਘਨ ਪਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੰਜਾਬ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ, ਆਲ ਇੰਡੀਆ ਕ੍ਰਿਸ਼ਚੀਅਨ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਨੇ ਕਿਹਾ ਕਿ ਹਾਲ ਹੀ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿੱਠੂ ਬਸਤੀ ਬਾਵਾ ਖੇਲ ਥਾਣਾ ਜਲੰਧਰ ਦੇ ਅਧਿਕਾਰ ਖੇਤਰ ’ਚ ਇਕ ਘਰ ’ਚ ਪ੍ਰਾਰਥਨਾ ਸਭਾ ’ਚ ਵਿਘਨ ਪਾਉਣ ਅਤੇ ਉੱਥੇ ਮੌਜੂਦ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਮਾਮਲੇ ’ਚ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਈਸਾਈ ਭਾਈਚਾਰੇ ਨਾਲ ਵਿਤਕਰੇ ਨੂੰ ਉਜਾਗਰ ਕਰਦੀ ਹੈ। ਇਸ ਦੌਰਾਨ ਸਰਬਜੀਤ ਰਾਜ ਨੇ ਘੱਟ ਗਿਣਤੀ ਕਮਿਸ਼ਨ ਦੀ ਢਿੱਲੀ ਕਾਰਵਾਈ ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਸ ਦਿਨਾਂ ਬਾਅਦ ਵੀ ਇਸ ਮਾਮਲੇ ਵਿੱਚ ਐਫਆਈਆਰ ਦਰਜ ਨਾ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਆਲ ਇੰਡੀਆ ਕ੍ਰਿਸ਼ਚੀਅਨ ਫੈਲੋਸ਼ਿਪ ਇਨਸਾਫ਼ ਲਈ ਹਾਈ ਕੋਰਟ ਤੱਕ ਪਹੁੰਚ ਕਰੇਗੀ।ਘਟਨਾ ਵਿੱਚ ਸ਼ਾਮਲ ਬਦਮਾਸ਼ਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਕਾਰਵਾਈ ਦੀ ਮੰਗ ਕਰਦੇ ਹੋਏ ਸਰਬਜੀਤ ਰਾਜ ਨੇ ਕਿਹਾ ਕਿ ਈਸਾਈ ਧਾਰਮਿਕ ਪ੍ਰੋਗਰਾਮਾਂ ਵਿੱਚ ਵਿਘਨ ਪਾਉਣ ਜਾਂ ਪੂਜਾ ਸਥਾਨਾਂ ਦੀ ਭੰਨਤੋੜ ਦੀਆਂ ਘਟਨਾਵਾਂ ਬਹੁਤ ਚਿੰਤਾਜਨਕ ਹਨ।ਕਿਸੇ ਵੀ ਧਰਮ ਦੇ ਪੈਰੋਕਾਰਾਂ ਨੂੰ ਆਪਣੇ ਧਾਰਮਿਕ ਪ੍ਰੋਗਰਾਮ ਅਤੇ ਪ੍ਰਾਰਥਨਾ ਸਭਾਵਾਂ ਸ਼ਾਂਤੀਪੂਰਵਕ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਧਾਰਮਿਕ ਆਜ਼ਾਦੀ (ਧਾਰਾ 25) ਦੀ ਗਾਰੰਟੀ ਦਿੰਦਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਤੇ ਈਸਾਈ ਭਾਈਚਾਰੇ ਨਾਲ ਵਿਤਕਰੇ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਆਪਸਰਕਾਰ ਵੱਲੋਂ ਈਸਾਈ ਭਾਈਚਾਰੇ ਪ੍ਰਤੀ ਅਣਗਹਿਲੀ ਆਉਣ ਵਾਲੀਆਂ ਚੋਣਾਂ ਵਿੱਚ ਮਹਿੰਗੀ ਸਾਬਤ ਹੋਵੇਗੀ। ਸਰਬਜੀਤ ਰਾਜ ਨੇ ਕਿਹਾ ਕਿ ਘਟਨਾ ਦੌਰਾਨ ਕੈਮਰਿਆਂ ਦੇ ਸਾਹਮਣੇ ਖੁੱਲ੍ਹ ਕੇ ਹੰਗਾਮਾ ਕੀਤਾ ਗਿਆ ਸੀ, ਪਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਪ੍ਰਾਰਥਨਾ ਸਭਾ ’ਚ ਮੌਜੂਦ ਈਸਾਈ ਔਰਤਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਉਨ੍ਹਾਂ ਇਸ ’ਚ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ’ਚ ਈਸਾਈ ਭਾਈਚਾਰੇ ਨਾਲ ਸਬੰਧਤ ਕੋਈ ਘਟਨਾ ਵਾਪਰਦੀ ਹੈ, ਤਾਂ ਪ੍ਰਸ਼ਾਸਨ ਸਿਰਫ਼ ਭਰੋਸਾ ਦਿੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਸਤੀ ਬਾਵਾ ਖੇਲ ਮਾਮਲੇ ’ਚ ਪੁਲਿਸ ਕਾਰਵਾਈ ’ਚ ਦੇਰੀ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਦਾ ਘਿਰਾਓ ਕਰੇਗੀ। ਜਿਸਦੀ ਜ਼ਿੰਮੇਵਾਰੀ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਸਰਬਜੀਤ ਰਾਜ ਨੇ ਕਿਹਾ ਕਿ ਆਲ ਇੰਡੀਆ ਕ੍ਰਿਸ਼ਚੀਅਨ ਫੈਲੋਸ਼ਿਪ ਈਸਾਈ ਭਾਈਚਾਰੇ ਦੇ ਧਾਰਮਿਕ ਅਤੇ ਮੌਲਿਕ ਅਧਿਕਾਰਾਂ ਦੀ ਰੱਖਿਆ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਖੇਤਰਾਂ ਵਿੱਚ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।