ਡੇਰਾ ਚਹੇੜੂ ’ਚ ਫਰੀ ਇੰਗਲਿਸ਼ ਸਪੀਕਿੰਗ ਕੋਰਸ ਸ਼ੁਰੂ
ਡੇਰਾ ਚਹੇੜੂ ਵਿਖੇ ਫ੍ਰੀ ਕੰਪਿਊਟਰ ਤੇ ਇੰਗਲਿਸ਼ ਸਪੀਕਿੰਗ ਕੋਰਸ ਲਈ ਦਾਖਲਾ ਸ਼ੁਰੂ
Publish Date: Thu, 03 Sep 2026 07:30 PM (IST)
Updated Date: Thu, 03 Sep 2026 07:31 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਨਾਨਕ ਨਗਰੀ, ਜੀਟੀ ਰੋਡ, ਚਹੇੜੂ ਵਿਖੇ ਸਥਿਤ ਮਾਤਾ ਸਵਿੱਤਰੀ ਬਾਈ ਫੂਲੇ ਫਰੀ ਟਿਊਸ਼ਨ ਤੇ ਕੋਚਿੰਗ ਸੈਂਟਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਸੈਂਟਰ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਤੇ ਮੌਜੂਦਾ ਗੱਦੀਨਸ਼ੀਨ ਪਰਮ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਸੇਵਾ ਭਾਵਨਾ ਨਾਲ ਚਲਾਇਆ ਜਾ ਰਿਹਾ ਹੈ। ਸੈਂਟਰ ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਇੱਥੇ ਵਿਦਿਆਰਥੀਆਂ ਲਈ ਕੰਪਿਊਟਰ ਕੋਰਸ, ਇੰਗਲਿਸ਼ ਸਪੀਕਿੰਗ ਕੋਰਸ ਤੇ ਸਰਕਾਰੀ ਨੌਕਰੀਆਂ ਦੀ ਕੋਚਿੰਗ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਕੋਰਸਾਂ ਲਈ ਨਵੇਂ ਦਾਖਲੇ ਸ਼ੁਰੂ ਹੋ ਚੁੱਕੇ ਹਨ। ਇਸ ਉਪਰਾਲੇ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣਾ ਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਦੇ ਯੋਗ ਬਣਾਉਣਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਵੱਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ।