ਐਡਵੋਕੇਟ ਦੀਪਿਕਾ ਬਣੀ ਨਸ਼ਾ ਮੁਕਤੀ ਮੋਰਚਾ ਦੀ ਹਲਕਾ ਕੋਆਰਡੀਨੇਟਰ ਐਡਵੋਕੇਟ ਦੀਪਿਕਾ ਬਣੀ ਨਸ਼ਾ ਮੁਕਤੀ ਮੋਰਚਾ ਦੀ ਹਲਕਾ ਕੋਆਰਡੀਨੇਟਰ
Publish Date: Sat, 29 Aug 2026 09:22 PM (IST)
Updated Date: Sat, 29 Aug 2026 09:25 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਐਡਵੋਕੇਟ ਦੀਪਿਕਾ ਸ਼ੀਤਲ ਨੂੰ ਨਸ਼ਾ ਮੁਕਤੀ ਮੋਰਚਾ ਦੀ ਹਲਕਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਮਾਜਿਕ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੀ ਦੀਪਿਕਾ ਸ਼ੀਤਲ ਦੀ ਨਿਯੁਕਤੀ ਨੂੰ ਪਾਰਟੀ ਦੀ ਨਸ਼ਾ ਵਿਰੋਧੀ ਮੁਹਿੰਮ ਲਈ ਅਹਿਮ ਮੰਨਿਆ ਜਾ ਰਿਹਾ ਹੈ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਐਡਵੋਕੇਟ ਦੀਪਿਕਾ ਸ਼ੀਤਲ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਦੇ ਸਾਹਮਣੇ ਇੱਕ ਗੰਭੀਰ ਚੁਣੌਤੀ ਹੈ ਤੇ ਇਸ ਦੇ ਖ਼ਿਲਾਫ਼ ਸਿਰਫ਼ ਭਾਸ਼ਣਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਹਲਕੇ ਵਿੱਚ ਨਸ਼ਿਆਂ ਖ਼ਿਲਾਫ਼ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕਾਰਾਤਮਕ ਮਾਹੌਲ ਤਿਆਰ ਕੀਤਾ ਜਾਵੇ। ਦੀਪਿਕਾ ਸ਼ੀਤਲ ਨੇ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਅਪਰਾਧੀ ਸਮਝ ਕੇ ਉਨ੍ਹਾਂ ਤੋਂ ਦੂਰੀ ਬਣਾਉਣ ਦੀ ਬਜਾਏ ਸਹੀ ਮਾਰਗਦਰਸ਼ਨ, ਪਰਿਵਾਰਕ ਸਹਿਯੋਗ ਤੇ ਲੋੜੀਂਦੀ ਸਹਾਇਤਾ ਦੇ ਕੇ ਮੁੜ ਆਮ ਜ਼ਿੰਦਗੀ ਵੱਲ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦਿਸ਼ਾ ਵਿੱਚ ਸਮਾਜਿਕ ਸੰਸਥਾਵਾਂ, ਨੌਜਵਾਨਾਂ, ਮਾਪਿਆਂ ਤੇ ਸਬੰਧਤ ਧਿਰਾਂ ਨਾਲ ਮਿਲ ਕੇ ਕੰਮ ਕਰਨ ਦਾ ਯਤਨ ਕਰਨਗੇ। ਫਿਲਹਾਲ ਦੀਪਿਕਾ ਸ਼ੀਤਲ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਉਪ ਪ੍ਰਧਾਨ ਦੇ ਅਹੁਦੇ ਲਈ ਚੋਣ ਲੜ ਰਹੀ ਹੈ।