ਪਾਰਟੀ ਪ੍ਰਧਾਨ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਧਰਮਿੰਦਰ ਟੋਨੀ ਨੇ ਕੱਸੀ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਅਗਾਮੀ ਵਿਧਾਨ ਸਭਾ ਚੋਣਾਂ ਤੇ ਪਾਰਟੀ ਦੀ ਮਜ਼ਬੂਤੀ ਲਈ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਚੰਡੀਗੜ ਵਿਖੇ ਹੋਈ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਤੇ ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਫਗਵਾੜਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਤੇ ਕੀਤੇ ਜਾ ਰਹੇ ਕੰਮਾਂ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਇਸ ਮੌਕੇ ਸੁਖਬੀਰ ਬਾਦਲ ਧਰਮਿੰਦਰ ਟੋਨੀ ਨੂੰ ਵੱਧ-ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਆਪਣੀ ਸਰਕਾਰ ਵੇਲੇ ਕੀਤੇ ਗਏ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਜ਼ੋਰ-ਸ਼ੋਰ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਬਾਦਲ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਵਾਰਡ ਪੱਧਰ ’ਤੇ ਕਮੇਟੀਆਂ ਦਾ ਗਠਨ ਕਰਨ ਤੇ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਸ਼ਾਸਨ ਕੋਲ ਮਜ਼ਬੂਤੀ ਨਾਲ ਉਠਾਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਮੁੱਖ ਉਦੇਸ਼ ਸੇਵਾ ਹੈ ਤੇ ਅਸੀਂ ਹਰ ਗਰੀਬ ਤੇ ਲੋੜਵੰਦ ਦੀ ਆਵਾਜ਼ ਬਣਾਂਗੇ। ਇਸ ਮੌਕੇ ਟੋਨੀ ਨੇ ਪਾਰਟੀ ਪ੍ਰਧਾਨ ਬਾਦਲ ਨੂੰ ਦੱਸਿਆ ਕਿ ਸਰਕਲ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਰਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ ਤੇ ਫਗਵਾੜਾ ਹਲਕੇ ਵਿਚ ਵੀ ਅਕਾਲੀ ਦਲ ਲਗਾਤਾਰ ਮਜ਼ਬੂਤੀ ਵੱਲ ਵੱਧ ਰਿਹਾ ਹੈ। ਇਸ ਮੁਲਾਕਾਤ ਤੋਂ ਬਾਅਦ ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਲੋਕਾਂ ਨੂੰ ਇਕ ਵਾਰ ਫਿਰ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣਾ ਚਾਹੀਦਾ ਹੈ। ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਪਿੰਡਾਂ ਤੇ ਸ਼ਹਿਰਾਂ ਦੋਵਾਂ ਦਾ ਵਿਕਾਸ ਚਾਹੁੰਦੀ ਹੈ। ਪੰਜਾਬ ਵਿਚ ਅਕਾਲੀ ਦਲ ਦੇ ਸਮੇਂ ਜਿੰਨੇ ਪੁਲ ਤੇ ਸੜਕਾਂ ਬਣੀਆਂ, ਓਨੀਆਂ ਪਹਿਲਾਂ ਕਦੇ ਨਹੀਂ ਬਣੀਆਂ। ਸ਼ਹਿਰਾਂ ਦੀ ਤਰੱਕੀ ਲਈ ਅਕਾਲੀ ਦਲ ਦਾ ਸੱਤਾ ਵਿਚ ਆਉਣਾ ਜ਼ਰੂਰੀ ਹੈ ਕਿਉਂਕਿ ਅਕਾਲੀ ਦਲ ਪੰਜਾਬ ਦਾ ਅਸਲੀ ਵਾਰਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਟੇਕ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਹੀ ਟਿਕੀ ਹੋਈ ਹੈ ਕਿਉਂਕਿ ਅਕਾਲੀ ਦਲ ਇਕ ਸਾਫ਼-ਸੁਥਰੀ ਰਾਜਨੀਤੀ ਕਰਨ ਵਾਲੀ ਖੇਤਰੀ ਪਾਰਟੀ ਵਜੋਂ ਸੂਬੇ ਦੇ ਹੱਕਾਂ ਲਈ ਹਮੇਸ਼ਾ ਅੱਗੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਫਗਵਾੜਾ ਖੇਤਰ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਮੁਆਵਜ਼ੇ ਲਈ ਭਟਕਣਾ ਪੈ ਰਿਹਾ ਹੈ ਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਕੋਈ ਨਵੇਂ ਮੌਕੇ ਪੈਦਾ ਨਹੀਂ ਕੀਤੇ ਗਏ। ਟੋਨੀ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸੱਤਾ ਵਿਚ ਵਾਪਸੀ ਕਰੇਗਾ।