ਪਰਾਲੀ ਨਾ ਸਾੜਨ ਲਈ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ ਪਰਾਲੀ ਨਾ ਸਾੜਨ ਲਈ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
Publish Date: Sat, 24 Oct 2026 09:45 PM (IST)
Updated Date: Sat, 24 Oct 2026 09:46 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਦੇ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਬਲਾਕ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਵਿੱਚ ਵੈਨ ਰਾਹੀਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਨ ਤੇ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੈ। ਇਸ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਤੇ ਮਿੱਟੀ ਵਿੱਚ ਮੌਜੂਦ ਜ਼ਰੂਰੀ ਖੁਰਾਕੀ ਤੱਤਾਂ ਤੇ ਲਾਭਦਾਇਕ ਸੂਖਮ ਜੀਵਾਂ ਦਾ ਨੁਕਸਾਨ ਹੁੰਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਤੇ ਹੋਰ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ। ਡਾ. ਗੁਰਵਿੰਦਰ ਸਿੰਘ ਸੰਧੂ, ਟੈਕਨੀਕਲ ਅਫਸਰ, ਕਪੂਰਥਲਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਉੱਠਣ ਵਾਲਾ ਧੂੰਆਂ ਸੜਕਾਂ ਤੇ ਦਿੱਖ ਘਟਾ ਕੇ ਹਾਦਸਿਆਂ ਦਾ ਖਤਰਾ ਵਧਾਉਂਦਾ ਹੈ ਤੇ ਜੀਵ-ਜੰਤੂਆਂ ਤੇ ਜਨਸਿਹਤ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਲਾਗੂ ਕਾਨੂੰਨਾਂ ਤੇ ਸਰਕਾਰੀ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਰਣਵੀਰ ਸਿੰਘ ਏਡੀਓ, ਡੀਪੀਡੀ ਬਲਰਾਜ ਸਿੰਘ, ਜਗਜੀਤ ਸਿੰਘ, ਪਵਨਦੀਪ ਸਿੰਘ ਏਟੀਐੱਮ ਤੇ ਕਿਸਾਨ ਹਾਜ਼ਰ ਸਨ।