ਖੇਤੀਬਾੜੀ ਵਿਭਾਗ ਨੇ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਗਰੂਕ
Publish Date: Thu, 15 Oct 2026 08:32 PM (IST)
Updated Date: Thu, 15 Oct 2026 08:33 PM (IST)
---ਪਿੰਡ ਦਮੁਲੀਆਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਸੁਪਰ ਸੀਡਰ ਤੇ ਮਲਚਰ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਨਡਾਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਨਡਾਲਾ ਵਿਖੇ ਪਰਾਲੀ ਨੂੰ ਸਾੜਨ ਤੋਂ ਨੂੰ ਰੋਕਣ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਦਮੁਲੀਆਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਤੇ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਨਡਾਲਾ ਗੁਰਜੋਤ ਸਿੰਘ ਤੇ ਮਨਰਸ਼ਰੂਪ ਕੌਰ ਤੋਂ ਇਲਾਵਾ ਖੇਤੀਬਾੜੀ ਉਪ-ਨਿਰੀਖਕ ਰਮੇਸ਼ ਸਿੰਘ ਹਾਜ਼ਰ ਸਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਲਈ ਸੁਪਰ ਸੀਡਰ ਤੇ ਮਲਚਰ ਵਰਗੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਤੇ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਦੇ ਉਲਟ, ਆਧੁਨਿਕ ਖੇਤੀ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ, ਜਿਸ ਨਾਲ ਮਿੱਟੀ ਦੀ ਸਿਹਤ ਤੇ ਉਪਜਾਊ ਸ਼ਕਤੀ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।