ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਕੀਤਾ ਜਾਗਰੂਕ
Publish Date: Sun, 01 Nov 2026 08:24 PM (IST)
Updated Date: Sun, 01 Nov 2026 08:26 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਰੋਕਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਸੰਪਰਕ ਕੀਤਾ ਗਿਆ। ਇਹ ਮੁਹਿੰਮ ਬਲਾਕ ਖੇਤੀਬਾੜੀ ਅਫ਼ਸਰ ਕਪੂਰਥਲਾ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਗੁਰਵਿੰਦਰ ਸਿੰਘ ਸੰਧੂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਅਤੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਨੁੱਖੀ ਸਿਹਤ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ। ਇਸ ਦੌਰਾਨ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਦਾ ਵੀ ਜਾਇਜ਼ਾ ਲਿਆ ਗਿਆ ਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਗ ਨੂੰ ਮੌਕੇ ਤੇ ਹੀ ਬੁਝਾਇਆ ਗਿਆ, ਤਾਂ ਜੋ ਅੱਗ ਨੂੰ ਹੋਰ ਖੇਤਾਂ ਤੱਕ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਪਵਨਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਵਾਤਾਵਰਣ ਦੀ ਸੰਭਾਲ ਲਈ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸਾਫ਼-ਸੁਥਰਾ ਵਾਤਾਵਰਣ ਦੇ ਸਕਦੇ ਹਾਂ।