ਅਹਲੂਵਾਲੀਆ ਸਮਾਜ ਨੇ ਝੋਟਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ ਅਹਲੂਵਾਲੀਆ ਸਮਾਜ ਵੱਲੋਂ ਪਰਮਿੰਦਰ ਸਿੰਘ ਝੋਟਾ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Publish Date: Thu, 15 Oct 2026 06:36 PM (IST)
Updated Date: Thu, 15 Oct 2026 06:39 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਅਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਹਲੂਵਾਲੀਆ ਸਮਾਜ ਨੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ। ਇਸ ਮੀਟਿੰਗ ਵਿੱਚ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਨ ਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਜੇਜੇ ਸਿੰਘ ਨੇ ਕੀਤੀ। ਇਸ ਮੌਕੇ ਅਹਲੂਵਾਲੀਆ ਸਮਾਜ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਅਹਲੂਵਾਲੀਆ ਤੇ ਟੋਨੀ ਵਾਲੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਪਰਮਿੰਦਰ ਸਿੰਘ ਝੋਟਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਤੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਹੀਦ ਵਜੋਂ ਸਤਿਕਾਰ ਦਿੰਦਿਆਂ ਉਨ੍ਹਾਂ ਦੀ ਯਾਦ ਨੂੰ ਨਮਨ ਕੀਤਾ। ਆਗੂਆਂ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਮੁੱਚਾ ਅਹਲੂਵਾਲੀਆ ਸਮਾਜ ਪਰਿਵਾਰ ਦੇ ਨਾਲ ਖੜ੍ਹਾ ਹੈ ਤੇ ਪਰਿਵਾਰ ਦੇ ਦੁੱਖ ਵਿੱਚ ਬਰਾਬਰ ਦਾ ਭਾਈਵਾਲ ਹੈ। ਜੇਜੇ ਸਿੰਘ, ਹਰਵਿੰਦਰ ਸਿੰਘ ਅਹਲੂਵਾਲੀਆ ਤੇ ਟੋਨੀ ਵਾਲੀਆ ਸਮੇਤ ਮੀਟਿੰਗ ਵਿੱਚ ਸ਼ਾਮਲ ਮੈਂਬਰਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰਕ ਮੈਂਬਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।