ਅਕਾਲੀ ਦਲ ਦਾ ਸੱਤਾ ’ਚ ਆਉਣਾ ਸਮੇਂ ਦੀ ਲੋੜ : ਟਾਂਡੀ ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਦਾ ਸੱਤਾ ਵਿੱਚ ਆਉਣਾ ਸਮੇਂ ਦੀ ਲੋੜ-ਕੁਲਦੀਪ ਸਿੰਘ ਟਾਂਡੀ
Publish Date: Sat, 10 Oct 2026 08:42 PM (IST)
Updated Date: Sat, 10 Oct 2026 08:44 PM (IST)
--ਕਿਹਾ-ਪੰਜਾਬ ਦੇ ਹੱਕਾਂ ਦੀ ਰਾਖੀ ਲਈ ਅਕਾਲੀ ਸਰਕਾਰ ਜ਼ਰੂਰੀ --ਬੋਲੇ-ਖੇਤਰੀ ਪਾਰਟੀ ਹੀ ਕਰ ਸਕਦੀ ਹੈ ਪੰਜਾਬ ਦੇ ਹਿੱਤਾਂ ਦੀ ਰਖਵਾਲੀ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਸਮੁੱਚੇ ਹਿੱਤਾਂ ਤੇ ਹੱਕਾਂ ਦੀ ਰਖਵਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸੱਤਾ ਵਿੱਚ ਆਉਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ, ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਖੇਤਰੀ ਪਾਰਟੀਆਂ ਦਾ ਵਜੂਦ ਤੇ ਆਧਾਰ ਸਿਰਫ਼ ਸੂਬੇ ਤੱਕ ਸੀਮਤ ਹੁੰਦਾ ਹੈ। ਇਸ ਲਈ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੁੱਦਿਆਂ ਜਿਵੇਂ ਕਿ ਪਾਣੀਆਂ ਦੇ ਮਸਲੇ, ਖੇਤੀਬਾੜੀ ਸੰਕਟ, ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਤੇ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਬਾਰੇ ਜ਼ਿਆਦਾ ਸੰਵੇਦਨਸ਼ੀਲਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪਾਰਟੀਆਂ ਦੇ ਫੈਸਲੇ ਅਕਸਰ ਦਿੱਲੀ ਬੈਠੀ ਹਾਈਕਮਾਂਡ ਲੈਂਦੀ ਹੈ, ਜਿਸ ਕਾਰਨ ਕਈ ਵਾਰ ਦੂਜੇ ਸੂਬਿਆਂ ਦੇ ਹਿੱਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨਾ ਪੈ ਸਕਦਾ ਹੈ। ਖੇਤਰੀ ਪਾਰਟੀ ਨੂੰ ਅਜਿਹਾ ਕੋਈ ਬਾਹਰੀ ਦਬਾਅ ਨਹੀਂ ਹੁੰਦਾ। ਖੇਤਰੀ ਪਾਰਟੀਆਂ ਕੇਂਦਰ ਦੇ ਸਾਹਮਣੇ ਸੂਬਿਆਂ ਦੇ ਵੱਧ ਅਧਿਕਾਰਾਂ ਤੇ ਖੁਦਮੁਖਤਿਆਰੀ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾ ਸਕਦੀਆਂ ਹਨ। ਟਾਂਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ। ਪਾਣੀਆਂ ਦੀ ਵੰਡ, ਚੰਡੀਗੜ੍ਹ, ਪੰਜਾਬੀ ਭਾਸ਼ਾ ਤੇ ਸੰਘੀ ਢਾਂਚੇ ਵਰਗੇ ਅਹਿਮ ਮੁੱਦਿਆਂ ਉੱਤੇ ਪਾਰਟੀ ਨੇ ਹਰ ਮੋਰਚੇ ਤੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕਿਸਾਨੀ ਸੰਕਟ, ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਤੇ ਆਰਥਿਕ ਪਛੜੇਵਾਂ ਲੋਕਾਂ ਦੀ ਚਿੰਤਾ ਦਾ ਕਾਰਨ ਬਣੇ ਹੋਏ ਹਨ। ਅਜਿਹੇ ਸਮੇਂ ਵਿੱਚ ਪੰਜਾਬ ਨੂੰ ਇੱਕ ਅਜਿਹੀ ਸਰਕਾਰ ਦੀ ਲੋੜ ਹੈ ਜੋ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਵੇ ਤੇ ਇੱਥੋਂ ਦੇ ਲੋਕਾਂ ਦੇ ਦੁੱਖ-ਸੁੱਖ ਨੂੰ ਸਮਝਦੀ ਹੋਵੇ। ਟਾਂਡੀ ਨੇ ਅੱਗੇ ਕਿਹਾ ਕਿ ਕੇਂਦਰ ਤੇ ਹੋਰ ਧਿਰਾਂ ਵੱਲੋਂ ਪੰਜਾਬ ਦੇ ਹੱਕਾਂ ਉੱਤੇ ਹੋ ਰਹੇ ਹਮਲਿਆਂ ਦਾ ਡੱਟ ਕੇ ਮੁਕਾਬਲਾ ਸਿਰਫ਼ ਇੱਕ ਮਜ਼ਬੂਤ ਖੇਤਰੀ ਪਾਰਟੀ ਹੀ ਕਰ ਸਕਦੀ ਹੈ। ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ ਵਿੱਚ ਵਿਕਾਸ, ਆਪਸੀ ਭਾਈਚਾਰੇ ਤੇ ਸ਼ਾਂਤੀ ਦਾ ਮਾਹੌਲ ਰਿਹਾ,ਜਿਸ ਨੂੰ ਮੁੜ੍ਹ ਬਹਾਲ ਕਰਨ ਦੀ ਲੋੜ ਹੈ।