ਵਾਲੀਆ ਦੀਆਂ ਕੋਸ਼ਿਸ਼ਾਂ ਸਦਕਾ ਅਕਾਲੀ ਦਲ ਹੋ ਰਿਹਾ ਮਜ਼ਬੂਤ : ਖਾਨੋਵਾਲ/ਬਬਲਾ
ਹਲਕੇ ਵਿੱਚ ਹਲਕਾ ਇੰਚਾਰਜ ਐਚਐਸ ਵਾਲੀਆ ਦੀਆਂ ਮੀਟਿੰਗਾਂ ਨਾਲ ਅਕਾਲੀ ਦਲ ਹੋ ਰਿਹਾ ਮਜ਼ਬੂਤ-ਖਾਨੋਵਾਲ/ਬਬਲਾ
Publish Date: Fri, 08 May 2026 08:14 PM (IST)
Updated Date: Fri, 08 May 2026 08:17 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ ਤੇ ਸ਼ਹਿਰੀ ਪ੍ਰਧਾਨ ਅਜੈ ਬਬਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐੱਚਐੱਸ ਵਾਲੀਆ ਦੀ ਸਿਆਸੀ ਸਰਗਰਮੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਾਲੀਆ ਵੱਲੋਂ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਕਾਰਨ ਅਕਾਲੀ ਦਲ ਦਾ ਗਰਾਫ ਤੇਜ਼ੀ ਨਾਲ ਉੱਪਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਲੀਆ ਜ਼ਮੀਨੀ ਪੱਧਰ ਉੱਤੇ ਵਰਕਰਾਂ ਨੂੰ ਇਕੱਠਾ ਕਰ ਰਹੇ ਹਨ ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਕੇ ਪਾਰਟੀ ਨੂੰ ਹੋਰ ਮਜ਼ਬੂਤ ਕਰ ਰਹੇ ਹਨ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਕਪੂਰਥਲਾ ਹਲਕੇ ਦੀ ਸਿਆਸਤ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਖਾਨੋਵਾਲ ਤੇ ਬਬਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤੇ ਆਮ ਲੋਕਾਂ ਦੀਆਂ ਉਮੀਦਾਂ ਨੂੰ ਤੋੜਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਕਾਰਨ ਪੰਜਾਬ ਪਹਿਲਾਂ ਹੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਦਾ ਰਿਹਾ ਹੈ, ਜਿਸ ਕਰਕੇ ਲੋਕਾਂ ਦਾ ਭਰੋਸਾ ਉਸ ਪਾਰਟੀ ਤੋਂ ਕਾਫੀ ਹੱਦ ਤੱਕ ਖਤਮ ਹੋ ਗਿਆ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਮੁੜ ਪੰਜਾਬ ਵਿਚ ਮਜ਼ਬੂਤ ਬਦਲ ਵਜੋਂ ਉਭਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਸੋਚ ਸਮਝ ਕੇ ਫੈਸਲਾ ਕਰਨਗੇ ਤੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ। ਅਕਾਲੀ ਆਗੂਆਂ ਨੇ ਕਿਹਾ ਹਲਕਾ ਕਪੂਰਥਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਦੇ ਆਗੂਆਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਪਾਰਟੀ ਵਰਕਰਾਂ ਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰ ਫਰੰਟ ’ਤੇ ਨਾਕਾਮ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦਾ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ, ਬਿਜਲੀ ਕੱਟਾਂ ਨੇ ਆਮ ਜਨਤਾ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਸਹੂਲਤਾਂ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕੀ ਹੈ ਤੇ ਨੌਜਵਾਨ ਬੇਰੋਜ਼ਗਾਰੀ ਦੀ ਮਾਰ ਝੱਲ ਰਹੇ ਹਨ।