ਫਗਵਾੜਾ ਦੇ ਅਕਾਲੀ ਆਗੂਆਂ ਕੀਤੀ ਡਾ. ਚੀਮਾ ਨਾਲ ਮੁਲਾਕਾਤ
ਫਗਵਾੜਾ ਦੇ ਅਕਾਲੀ ਦਲ ਦਿਹਾਤੀ ਆਗੂਆਂ ਨੇ ਡਾ. ਚੀਮਾ ਤੇ ਐਡਵੋਕੇਟ ਅਰਸ਼ਦੀਪ ਕਲੇਰ ਨਾਲ ਕੀਤੀ ਅਹਿਮ ਮੁਲਾਕਾਤ
Publish Date: Sat, 13 Jun 2026 10:07 PM (IST)
Updated Date: Sat, 13 Jun 2026 10:09 PM (IST)

ਐਡਵੋਕੇਟ ਅਰਸ਼ਦੀਪ ਕਲੇਰ ਨਾਲ ਵੀ ਕੀਤੀ ਗੱਲਬਾਤ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਫਗਵਾੜਾ ਦਿਹਾਤੀ ਆਗੂਆਂ ਦੇ ਇਕ ਵਫ਼ਦ ਨੇ ਦਿਹਾਤੀ ਇੰਚਾਰਜ ਜਥੇਦਾਰ ਰਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ, ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਤੇ ਆਉਣ ਵਾਲੀਆਂ ਚੋਣਾਂ ਲਈ ਵਰਕਰਾਂ ਨੂੰ ਸਰਗਰਮ ਕਰਨ ਬਾਰੇ ਰਣਨੀਤੀ ਤਿਆਰ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਮੋਰਚੇ ਤੇ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਵਪਾਰੀ, ਮੁਲਾਜ਼ਮ, ਨੌਜਵਾਨ ਅਤੇ ਆਮ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਵਿਕਾਸ ਕਾਰਜਾਂ ਦੀ ਰਫ਼ਤਾਰ ਧੀਮੀ ਹੋਣ ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਸਰਕਾਰ ਪ੍ਰਤੀ ਨਾਰਾਜ਼ਗੀ ਲਗਾਤਾਰ ਵਧ ਰਹੀ ਹੈ। ਡਾ. ਚੀਮਾ ਤੇ ਐਡਵੋਕੇਟ ਅਰਸ਼ਦੀਪ ਨੇ ਪਾਰਟੀ ਵਰਕਰਾਂ ਨੂੰ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਇਕ ਮਜ਼ਬੂਤ ਤੇ ਲੋਕ-ਪੱਖੀ ਬਦਲ ਦੀ ਚੋਣ ਕਰਨਗੇ। ਜਥੇਦਾਰ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਫਗਵਾੜਾ ਦਿਹਾਤੀ ਖੇਤਰ ਵਿਚ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਲਗਾਤਾਰ ਮੀਟਿੰਗਾਂ ਤੇ ਜਨ-ਸੰਪਰਕ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਤੇ ਲੋਕਾਂ ਦੇ ਮੁੱਦਿਆਂ ਲਈ ਹਮੇਸ਼ਾ ਅੱਗੇ ਰਹੇਗਾ। ਮੀਟਿੰਗ ਦੌਰਾਨ ਦਿਹਾਤੀ ਇੰਚਾਰਜ ਜਥੇਦਾਰ ਰਜਿੰਦਰ ਸਿੰਘ ਚੰਦੀ, ਦਿਹਾਤੀ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ, ਗੁਰਦੀਪ ਸਿੰਘ ਖੇੜਾ, ਅਵਤਾਰ ਮੰਗੀ, ਬਿੰਦਰ ਸਿੰਘ ਰਾਵਲਪਿੰਡੀ, ਅਜਾਇਬ ਸਿੰਘ, ਹਰਦੀਪ ਸਿੰਘ ਦੀਪਾ ਹੋਰ ਕਈ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ।