ਵਾਰਿਸ ਪੰਜਾਬ ਦੇ ਸੂਬੇ ਨੂੰ ਨਸ਼ਾ ਮੁਕਤ ਕਰਨਗੇ : ਧਾਲੀਵਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਕਾਰ ਬਨਣ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਏਗੀ-ਜਗਜੀਤ ਧਾਲੀਵਾਲ
Publish Date: Sat, 24 Oct 2026 08:22 PM (IST)
Updated Date: Sat, 24 Oct 2026 08:25 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸਮਾਜ ਦਾ ਹਰ ਵਰਗ ਦੁਖੀ ਹੈ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਨਹੀਂ ਹੋਇਆ ਹੈ। ਇਹ ਗੱਲ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਜੱਗਾ ਨੇ ਇੱਕ ਮੀਟਿੰਗ ਦੌਰਾਨ ਕਹੀ। ਜੱਗਾ ਨੇ ਕਿਹਾ ਕਿ ਮੌਜੂਦਾ ਸਥਿਤੀ ਇਹ ਹੈ ਕਿ ਜਿੱਥੇ ਨਸ਼ਾ ਵਿਆਪਕ ਤੌਰ ’ਤੇ ਫੈਲਿਆ ਹੈ, ਉੱਥੇ ਹੀ ਨਸ਼ੇ ਦਾ ਭੂਤ ਹਰ ਰੋਜ਼ ਆਪਣੇ ਪਿਆਰਿਆਂ ਨੂੰ ਮੌਤ ਦੇ ਕੰਢੇ ਵੱਲ ਧੱਕ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਤਰੱਕੀ ਲਈ ਕੰਮ ਕਰਦੇ ਰਹਿਣਗੇ ਤੇ ਵੱਧ ਤੋਂ ਵੱਧ ਲੋਕਾਂ ਨਾਲ ਤਾਲਮੇਲ ਸਥਾਪਤ ਕਰਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਲੋਕ-ਪੱਖੀ ਨੀਤੀਆਂ ਨਾਲ ਹਰ ਘਰ ਤੱਕ ਪਹੁੰਚਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਜੱਗਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ ਸੀਟਾਂ ’ਤੇ ਚੋਣ ਲੜੇਗਾ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗਾ। ਪੰਜਾਬ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਮੌਜੂਦਾ ਸਥਿਤੀ ਇਹ ਹੈ ਕਿ ਸਰਕਾਰ ਹਰ ਫਰੰਟ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਆਮ ਆਦਮੀ ਪਾਰਟੀ ਦੇ ਰਾਜ ਵਿੱਚ ਪੰਜਾਬ ਦੀ ਆਰਥਿਕ ਸਥਿਤੀ ਵੀ ਲਗਾਤਾਰ ਵਿਗੜਦੀ ਗਈ ਹੈ ਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੇ ਝੂਠੇ ਦਾਅਵਿਆਂ ਤੇ ਪ੍ਰਚਾਰ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ। ਜੱਗਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਆਪ ਦੀ ਇਸ ਦਿਸ਼ਾਹੀਣ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ ਤੇ ਸੂਬੇ ਨੂੰ ਨਸ਼ਾ ਮੁਕਤ ਕਰਨਗੇ।