ਮਹਿਲਾ ਰਾਖਵਾਂਕਰਨ ਬਿੱਲ ਬਾਰੇ ਅਕਾਲੀ ਦਲ ਦਾ ਸਟੈਂਡ ਸਪੱਸ਼ਟ : ਖੁਰਾਣਾ ਮਹਿਲਾ ਰਾਖਵਾਂਕਰਨ ਬਿਲ ਬਾਰੇ ਅਕਾਲੀ ਦਲ ਦਾ ਸਪਸ਼ਟ ਸਟੈਂਡ ਰਣਜੀਤ ਸਿੰਘ ਖੁਰਾਣਾ
Publish Date: Sun, 09 Aug 2026 07:12 PM (IST)
Updated Date: Sun, 09 Aug 2026 07:14 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਮਹਿਲਾ ਰਾਖਵਾਂਕਰਨ ਤੇ ਸਾਰੇ ਰਾਜਾਂ ਲਈ ਸੰਸਦੀ ਸੀਟਾਂ ਵਿੱਚ 50 ਪ੍ਰਤੀਸ਼ਤ ਵਾਧੇ ਸਬੰਧੀ ਕੇਂਦਰ ਸਰਕਾਰ ਦੀ ਤਜਵੀਜ਼ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਹਮਾਇਤ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਫਗਵਾੜਾ (ਸ਼ਹਿਰੀ) ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਇੰਡਸਟਰੀ ਤੇ ਵਪਾਰ ਵਿੰਗ ਪੰਜਾਬ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਤੰਤਰ ਨੂੰ ਮਜ਼ਬੂਤ ਕਰਨ ਤੇ ਸਮਾਜ ਦੇ ਹਰ ਵਰਗ ਨੂੰ ਯੋਗ ਨੁਮਾਇੰਦਗੀ ਦੇਣ ਦਾ ਹਾਮੀ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਸਟੈਂਡ ਲਿਆ ਹੈ ਕਿ ਦੇਸ਼ ਦੀਆਂ ਮਹਿਲਾਵਾਂ ਨੂੰ ਰਾਜਨੀਤਿਕ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਬਣਦੀ ਤੇ ਪ੍ਰਭਾਵਸ਼ਾਲੀ ਹਿੱਸੇਦਾਰੀ ਮਿਲਣੀ ਚਾਹੀਦੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਅਮਲੀ ਰੂਪ ਦੇ ਕੇ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਖੁਰਾਣਾ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਲਾਗੂ ਹੋਣ ਨਾਲ ਦੇਸ਼ ਦੀਆਂ ਧੀਆਂ, ਭੈਣਾਂ ਤੇ ਮਾਵਾ ਨੂੰ ਲੋਕ ਸਭਾ ਤੇ ਵਿਧਾਨ ਸਭਾਵਾਂ ਵਿੱਚ ਵੱਡੀ ਗਿਣਤੀ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਮਿਲੇਗਾ। ਇਸ ਨਾਲ ਸਿਆਸੀ ਫੈਸਲਿਆਂ ਵਿੱਚ ਮਹਿਲਾਵਾਂ ਦੀ ਭੂਮਿਕਾ ਵਧੇਗੀ ਤੇ ਮਹਿਲਾਵਾਂ ਨਾਲ ਸਬੰਧਤ ਸਿੱਖਿਆ, ਸਿਹਤ, ਸੁਰੱਖਿਆ, ਰੁਜ਼ਗਾਰ ਤੇ ਸਮਾਜਿਕ ਭਲਾਈ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਾਰੇ ਰਾਜਾਂ ਵਿੱਚ 50 ਪ੍ਰਤੀਸ਼ਤ ਸੰਸਦੀ ਸੀਟਾਂ ਦੀ ਗਿਣਤੀ ਵਧਾਉਣ ਦੀ ਤਜਵੀਜ਼ ਵੀ ਸਮੇਂ ਦੀ ਲੋੜ ਹੈ। ਆਬਾਦੀ ਤੇ ਦੇਸ਼ ਦੇ ਵੱਖ-ਵੱਖ ਖੇਤਰਾਂ ਦੀਆਂ ਵਧਦੀਆਂ ਲੋੜਾਂ ਦੇ ਮੱਦੇਨਜ਼ਰ ਸੰਸਦ ਵਿੱਚ ਵਧੇਰੇ ਨੁਮਾਇੰਦਗੀ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਤੱਕ ਪਹੁੰਚਾਉਣ ਲਈ ਹੋਰ ਮੌਕੇ ਪੈਦਾ ਹੋਣਗੇ। ਵਧੀਆਂ ਸੀਟਾਂ ਨਾਲ ਵੱਖ-ਵੱਖ ਖੇਤਰਾਂ ਤੇ ਵਰਗਾਂ ਨੂੰ ਰਾਜਨੀਤਿਕ ਪ੍ਰਤੀਨਿਧਤਾ ਮਿਲੇਗੀ ਤੇ ਸੰਸਦੀ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਟੈਂਡ ਸਪੱਸ਼ਟ ਹੈ ਕਿ ਮਹਿਲਾ ਰਾਖਵਾਂਕਰਨ ਨੂੰ ਹੁਣ ਹੋਰ ਲਟਕਾਇਆ ਨਾ ਜਾਵੇ ਤੇ ਇਸ ਨੂੰ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਤੋਂ ਬਾਅਦ ਹੁਣ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਜਲਦ ਠੋਸ ਫੈਸਲਾ ਲਵੇਗੀ।