ਅਕਾਲੀ ਦਲ ਦੀ ‘ਪੰਜਾਬ ਬਚਾਓ' ਸਿਰਫ ਮੁਹਿੰਮ ਨਹੀਂ ਇਕ ਅੰਦੋਲਨ : ਵਾਲੀਆ
ਅਕਾਲੀ ਦਲ ਵਲੋਂ ਪੰਜਾਬ ਬਚਾਓ' ਮੁਹਿੰਮ ਸਿਰਫ ਇਕ ਰਾਜਨੀਤਿਕ ਨਾਅਰਾ ਨਹੀਂ, ਸਗੋਂ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਇਕ ਅੰਦੋਲਨ-ਐਚਐਸ ਵਾਲੀਆ
Publish Date: Fri, 27 Feb 2026 07:37 PM (IST)
Updated Date: Fri, 27 Feb 2026 07:40 PM (IST)

ਪੰਜਾਬ ਬਚਾਓ ਰੈਲੀਆਂ ਦੇ ਵੱਡੇ ਇਕੱਠ ਸੁਖਬੀਰ ਬਾਦਲ ਪ੍ਰਤੀ ਲੋਕਾਂ ਦੇ ਭਰੋਸੇ ਦਾ ਸਬੂਤ ਇਹ ਸਿਰਫ ਰਾਜਨੀਤਿਕ ਨਾਅਰਾ ਨਹੀਂ ਹੈ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ ਰੈਲੀਆਂ ਨੂੰ ਲੈ ਕੇ ਪਾਰਟੀ ਆਗੂਆਂ, ਵਰਕਰਾਂ ਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਵੱਡੇ ਪੱਧਰ ’ਤੇ ਸੰਪਰਕ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀਆਂ ਦੌਰਾਨ ਹੋਣ ਵਾਲਾ ਰਿਕਾਰਡ ਤੋੜ ਇਕੱਠ ਅਕਾਲੀ ਦਲ ਪ੍ਰਤੀ ਭੁਲੇਖਾ ਪਾਲੀ ਬੈਠੇ ਵਿਰੋਧੀਆਂ ਦੇ ਸਭ ਭੁਲੇਖੇ ਦੁਰ ਕਰ ਰਿਹਾ ਹੈ ਤੇ ਸੂਬੇ ਦੀ ਰਾਜਨੀਤੀ ਵਿਚ ਨਵਾਂ ਸੰਦੇਸ਼ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਮੁਹਿੰਮ ਸਿਰਫ ਇਕ ਰਾਜਨੀਤਿਕ ਨਾਅਰਾ ਨਹੀਂ ਸਗੋਂ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਇਕ ਅੰਦੋਲਨ ਹੈ। ਵਾਲਿਆ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਹਰ ਖੇਤਰ ਵਿਚ ਪਿੱਛੇ ਜਾ ਰਿਹਾ ਹੈ ਤੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਖੇਤੀਬਾੜੀ, ਉਦਯੋਗ, ਵਪਾਰ ਤੇ ਨੌਜਵਾਨਾਂ ਦੇ ਰੋਜ਼ਗਾਰ ਸਬੰਧੀ ਮੁੱਦੇ ਅੱਜ ਸਭ ਤੋਂ ਵੱਡੀ ਚਿੰਤਾ ਬਣੇ ਹੋਏ ਹਨ ਤੇ ਇਨ੍ਹਾਂ ਮਸਲਿਆਂ ਦਾ ਹੱਲ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਕਿਉਂਕਿ ਲੋਕ ਸਮਝ ਚੁੱਕੇ ਹਨ ਕਿ ਸੂਬੇ ਦੀ ਤਰੱਕੀ ਤੇ ਅਮਨ-ਸ਼ਾਂਤੀ ਖੇਤਰੀ ਪਾਰਟੀ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੁਬਾਰਾ ਮਜ਼ਬੂਤੀ ਨਾਲ ਉਭਰੇਗਾ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੋਕ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ। ਵਾਲੀਆ ਨੇ ਕਿਹਾ ਕਿ ਸੂਬੇ ਦੇ ਅੰਦਰ ਪੰਜਾਬ ਬਚਾਓ ਦੇ ਨਾਂ ’ਤੇ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ, ਜਿਸ ਕਾਰਨ ਉਹ ਬੁਖਲਾਹਟ ਵਿਚ ਆ ਕੇ ਤਰ੍ਹਾਂ-ਤਰ੍ਹਾਂ ਦੇ ਇਲਜ਼ਾਮ ਲਾ ਰਹੇ ਹਨ, ਜਦਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਤੇ ਸੂਬੇ ਦੀ ਤਰੱਕੀ ਲਈ ਆਵਾਜ਼ ਬੁਲੰਦ ਕੀਤੀ ਹੈ। ਲੋਕ ਇਸ ਗੱਲ ਨੂੰ ਹੁਣ ਭਲੀ-ਭਾਂਤ ਸਮਝਦੇ ਹਨ। ਉਨ੍ਹਾਂ ਕਿਹਾ ਕਿ ਇਹ ਰੈਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਮੁੱਢ ਬਣ ਗਿਆ ਹੈ ਤੇ ਇਹ ਸੂਬੇ ਦੀ ਸਿਆਸਤ ਦਾ ਨਵਾਂ ਰੂਪ ਤੈਅ ਕਰਨਗੀਆਂ।