ਅਕਾਲੀ-ਭਾਜਪਾ ਆਗੂਆਂ ਨੇ ਕਰਵਾਈ ਸ਼ੁਕਰਾਨੇ ਦੀ ਅਰਦਾਸ ਅਕਾਲੀ-ਭਾਜਪਾ ਆਗੂਆਂ ਨੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਕਰਵਾਈ ਸ਼ੁਕਰਾਨੇ ਦੀ ਅਰਦਾਸ
Publish Date: Thu, 26 Nov 2026 09:50 PM (IST)
Updated Date: Thu, 26 Nov 2026 09:52 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਹੋਣ ਤੋਂ ਬਾਅਦ ਅੱਜ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋਂ ਫਗਵਾੜਾ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਣਆਣਾ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ। ਇਸ ਮੌਕੇ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਵਿਚਾਰ ਸਾਂਝੇ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਦੀ ਜਿੱਤ ਹੋਵੇਗੀ ਤੇ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੇਗੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ, ਇੰਡਸਟਰੀ ਤੇ ਵਪਾਰ ਵਿੰਗ), ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਭਾਜਪਾ ਦੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਤੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਸਮੇਤ ਹੋਰਨਾਂ ਆਗੂਆਂ ਨੇ ਵੀ ਉਚੇਰੇ ਤੌਰ ’ਤੇ ਸ਼ਿਰਕਤ ਕੀਤੀ। ਅਕਾਲੀ-ਭਾਜਪਾ ਆਗੂਆਂ ਨੇ ਕਿਹਾ ਕਿ ਗੱਠਜੋੜ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਸਾਹ ਸੁੱਕੇ ਪਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਗੱਠਜੋੜ ਨੂੰ ਸਮਰਥਨ ਦੇਵੇਗੀ ਤੇ ਅਗਲੀ ਸਰਕਾਰ ਅਕਾਲੀ-ਭਾਜਪਾ ਦੀ ਹੋਵੇਗੀ। ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਵਿੱਚ ਮੁੱਖ ਮੰਤਰੀ ਵਜੋਂ ਸੁਖਬੀਰ ਸਿੰਘ ਬਾਦਲ ਦੀ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਸੂਬੇ ਨੂੰ ਵਿਕਾਸ ਤੇ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਲਿਜਾਇਆ ਜਾਵੇਗਾ ਤੇ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਿਆਸੀ ਤੀਰ ਛੱਡਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਬੇਹੱਦ ਕਰਜ਼ਾਈ ਕਰ ਦਿੱਤਾ ਹੈ ਤੇ ਸੂਬਾ ਆਰਥਿਕ ਤੌਰ ’ਤੇ ‘ਕੰਗਲਾ ਪੰਜਾਬ’ ਬਣ ਕੇ ਰਹਿ ਗਿਆ ਹੈ। ਆਗੂਆਂ ਨੇ ਨਸ਼ਿਆਂ ਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਇਨ੍ਹਾਂ ਸਮੱਸਿਆਵਾਂ ਨੂੰ ਖਤਮ ਕਰਨ ਲਈ ਮੌਜੂਦਾ ਸਰਕਾਰ ਕੋਈ ਠੋਸ ਕਦਮ ਚੁੱਕਣ ਵਿੱਚ ਸਫਲ ਨਹੀਂ ਰਹੀ। ਕਾਂਗਰਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਪਹਿਲਾਂ ਹੀ ਕਾਂਗਰਸ ਨੂੰ ਨਕਾਰ ਚੁੱਕੀ ਹੈ ਤੇ ਪੰਜਾਬ ਵਿੱਚ ਵੀ ਕਾਂਗਰਸ ਕੋਲ ਹੁਣ ਲੋਕਾਂ ਦਾ ਭਰੋਸਾ ਬਾਕੀ ਨਹੀਂ ਰਹਿ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਿੱਚ ਸਥਿਰ ਸਰਕਾਰ ਦੇ ਕੇ ਵਿਕਾਸ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਦਾ ਨਵਾਂ ਦੌਰ ਲਿਆਵੇਗਾ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਹਰਵਿੰਦਰ ਸਿੰਘ ਵਾਲੀਆਂ ਤੇ ਅਵਤਾਰ ਸਿੰਘ ਮੰਗੀ ਨੇ ਨਿਵਾਈ ਇਸ ਮੌਕੇ ਵੱਡੀ ਗਿਣਤੀ ਵਿੱਚ ਸ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।