‘ਆਪ’ ਦੀ ਜਿੱਤ ਲਈ ਸਾਰੇ ਇਕਜੁੱਟ ਹੋਣ : ਚੱਬੇਵਾਲ ਫਗਵਾੜਾ ਵਿੱਚ ‘ਆਪ’ ਦੀ ਜਿੱਤ ਲਈ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ : ਚੱਬੇਵਾਲ
Publish Date: Mon, 16 Nov 2026 08:27 PM (IST)
Updated Date: Mon, 16 Nov 2026 08:27 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਵੱਲੋਂ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਗਤੀ ਦੇਣ ਦੇ ਉਦੇਸ਼ ਨਾਲ ਨਗਰ ਨਿਗਮ ਫਗਵਾੜਾ ਦੇ ਮੀਟਿੰਗ ਹਾਲ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ। ਸੰਸਦ ਮੈਂਬਰ ਤੇ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਜ਼ਿਲ੍ਹਾ ਸੰਗਠਨ, ਹਲਕਾ ਅਹੁਦੇਦਾਰਾਂ ਤੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦਾ ਮਜ਼ਬੂਤ ਸੰਗਠਨ ਤੇ ਵਰਕਰਾਂ ਦੀ ਮਿਹਨਤ ਹੁੰਦੀ ਹੈ। ਆਮ ਆਦਮੀ ਪਾਰਟੀ ਦਾ ਹਰੇਕ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਤੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਅਹੁਦੇਦਾਰ ਆਪਸੀ ਤਾਲਮੇਲ ਨਾਲ ਲੋਕਾਂ ਵਿੱਚ ਸਰਗਰਮ ਰਹਿਣ ਤੇ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਲੋਕ ਹਿੱਤਾਂ ਵਾਲੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ। ਮੀਟਿੰਗ ਦੌਰਾਨ 26 ਨਵੰਬਰ ਨੂੰ ਮਨਾਏ ਜਾਣ ਵਾਲੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਲਈ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ, ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਸੰਗਠਨਾਤਮਕ ਗਤੀਵਿਧੀਆਂ ਤੇਜ਼ ਕਰਨ ਬਾਰੇ ਚਰਚਾ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ, ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਮਨਖੰਡ, ਮੇਅਰ ਰਾਮਪਾਲ ਉੱਪਲ, ਜ਼ਿਲ੍ਹਾ ਸਕੱਤਰ ਸੰਤੋਸ਼ ਗੋਗੀ, ਸੰਗਠਨ ਇੰਚਾਰਜ ਗੁਰਸ਼ਰਨ ਸਿੰਘ, ਜ਼ਿਲ੍ਹਾ ਨਸ਼ਾ ਮੁਕਤੀ ਮੋਰਚਾ ਪ੍ਰਧਾਨ ਸੀਮਾ ਰਾਣਾ, ਨਸ਼ਾ ਮੁਕਤੀ ਮੋਰਚਾ ਦੇ ਉਪ ਪ੍ਰਧਾਨ ਰਜਨੀਸ਼ ਪ੍ਰਭਾਕਰ, ਨਵਨੀਤ ਉੱਪਲ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਅਤੇ ਦੀਪਕ ਕਪਤਾਨ ਸਮੇਤ ਹਲਕਾ ਅਹੁਦੇਦਾਰ ਤੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਮੌਜੂਦ ਸਨ। ਮੀਟਿੰਗ ਦੌਰਾਨ ਸਾਰੇ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ, ਆਪਸੀ ਏਕਤਾ ਤੇ ਸੰਗਠਨਾਤਮਕ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਦਾ ਸੰਕਲਪ ਲਿਆ। ਡਾ. ਰਾਜ ਕੁਮਾਰ ਚੱਬੇਵਾਲ ਨੇ ਸਾਰੇ ਅਹੁਦੇਦਾਰਾਂ ਨੂੰ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨ ਦਾ ਸੱਦਾ ਦਿੱਤਾ।