ਫਗਵਾੜਾ ਤੇ ਹੁਸ਼ਿਆਰਪੁਰ ਦੀਆਂ ਸਾਰੀਆਂ ਲਿੰਕ ਸੜਕਾਂ ਹੋਣਗੀਆਂ ਅਪਗ੍ਰੇਡ ਫਗਵਾੜਾ ਤੇ ਹੁਸ਼ਿਆਰਪੁਰ ਦੀਆਂ ਸਾਰੀਆਂ ਪੇਂਡੂ ਲੰਿਕ ਸੜਕਾਂ ਪੰਜਾਬ ਮੰਡੀ ਬੋਰਡ ਵੱਲੋਂ ਹੋਣਗੀਆਂ ਅਪਗ੍ਰੇਡ ਤੇ ਆਧੁਨਿਕ
Publish Date: Tue, 22 Sep 2026 07:28 PM (IST)
Updated Date: Tue, 22 Sep 2026 07:30 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਪੇਂਡੂ ਸੜਕਾਂ ਦੇ ਨੈੱਟਵਰਕ ਨੂੰ ਮਜ਼ਬੂਤ ਕਰਨ ਤੇ ਫਗਵਾੜਾ ਤੇ ਹੁਸ਼ਿਆਰਪੁਰ ਮਾਰਕੀਟ ਕਮੇਟੀਆਂ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹੁਣ ਇਨ੍ਹਾਂ ਸਾਰੀਆਂ ਸੜਕਾਂ ਨੂੰ ਪੰਜਾਬ ਮੰਡੀ ਬੋਰਡ ਵੱਲੋਂ ਅਪਗ੍ਰੇਡ, ਮੁਰੰਮਤ ਤੇ ਆਧੁਨਿਕ ਬਣਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਪੇਂਡੂ ਲਿੰਕ ਸੜਕਾਂ ਦੇ ਵਿਕਾਸ ਦਾ ਮੁੱਦਾ ਉਠਾਇਆ ਗਿਆ ਸੀ। ਉਨ੍ਹਾਂ ਨੇ ਇਲਾਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਦੀਆਂ ਪੇਂਡੂ ਲਿੰਕ ਸੜਕਾਂ ਦੇ ਇੰਜੀਨੀਅਰਿੰਗ ਕਾਰਜ ਪੰਜਾਬ ਮੰਡੀ ਬੋਰਡ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡਾ. ਚੱਬੇਵਾਲ ਨੇ ਦੱਸਿਆ ਕਿ ਪਹਿਲਾਂ ਪੇਂਡੂ ਲਿੰਕ ਸੜਕਾਂ ਦੀ ਸਾਂਭ-ਸੰਭਾਲ ਤੇ ਵਿਕਾਸ ਦਾ ਕੰਮ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕਾਂ) ਵੱਲੋਂ ਕੀਤਾ ਜਾਂਦਾ ਸੀ। ਹੁਣ ਇਹ ਕੰਮ ਪੰਜਾਬ ਮੰਡੀ ਬੋਰਡ ਨੂੰ ਸੌਂਪੇ ਜਾਣ ਨਾਲ ਪੇਂਡੂ ਸੜਕ ਪ੍ਰਾਜੈਕਟਾਂ ਦੀ ਯੋਜਨਾਬੰਦੀ, ਮਨਜ਼ੂਰੀ ਤੇ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਹੋਰ ਸੁਚਾਰੂ ਤੇ ਪ੍ਰਭਾਵਸ਼ਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸੜਕ ਪ੍ਰਾਜੈਕਟਾਂ ਦੇ ਪ੍ਰਸਤਾਵ ਜਲਦੀ ਤਿਆਰ ਕਰਨ, ਸਮੇਂ ਸਿਰ ਮਨਜ਼ੂਰੀਆਂ ਤੇ ਪ੍ਰਸ਼ਾਸਨਿਕ ਮਨਜ਼ੂਰੀਆਂ ਲੈਣ, ਟੈਂਡਰ ਪ੍ਰਕਿਰਿਆ ਮੁਕੰਮਲ ਕਰਨ ਤੇ ਵਿਕਾਸ ਕਾਰਜ ਸ਼ੁਰੂ ਕਰਨ ਵਿੱਚ ਤੇਜ਼ੀ ਆਵੇਗੀ। ਇਸ ਨਾਲ ਪੇਂਡੂ ਸੜਕਾਂ ਦੇ ਵਿਕਾਸ ਅਤੇ ਨਵੀਨੀਕਰਨ ਨੂੰ ਹੋਰ ਹੁਲਾਰਾ ਮਿਲੇਗਾ। ਸੰਸਦ ਮੈਂਬਰ ਨੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਤੇ ਕਸਬਿਆਂ ਨਾਲ ਜੋੜਨ ਵਿੱਚ ਵਧੀਆ ਪੇਂਡੂ ਸੜਕਾਂ ਦੀ ਅਹਿਮ ਭੂਮਿਕਾ ਹੈ। ਇਨ੍ਹਾਂ ਸੜਕਾਂ ਰਾਹੀਂ ਆਮ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਮਿਲਣ ਦੇ ਨਾਲ-ਨਾਲ ਪੇਂਡੂ ਖੇਤਰਾਂ ਦੀ ਆਰਥਿਕ ਗਤੀਵਿਧੀ ਨੂੰ ਵੀ ਬਲ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਜ਼ਬੂਤ ਪੇਂਡੂ ਸੜਕ ਨੈੱਟਵਰਕ ਵਿਕਸਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਸਿੱਧਾ ਲਾਭ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਸਕੇ।