- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਦੀ ਰੇਡ ਨਾਲ ਮਚੀ ਹਲਚਲ; ਇੱਕ ਮਹਿਲਾ ਤੇ ਪੁਰਸ਼ ਕਾਬੂ

ਇੱਕ ਮਹਿਲਾ ਤੇ ਪੁਰਸ਼ ਕਾਬੂ, ਮਾਮਲੇ ਦੀ ਜਾਂਚ ਜਾਰੀ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਵਿੱਚ ਇੱਕ ਵਾਰ ਫਿਰ ਇੱਕ ਸੰਵੇਦਨਸ਼ੀਲ ਮਾਮਲੇ ਨੇ ਲੋਕਾਂ ਵਿੱਚ ਚਰਚਾ ਛੇੜ ਦਿੱਤੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਪਿੱਛੇ ਵਾਲੇ ਇਲਾਕੇ ਵਿੱਚ ਕਥਿਤ ਦੇਹ ਵਪਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ, ਜਿਸ ਨਾਲ ਇਲਾਕੇ ਵਿੱਚ ਕਾਫੀ ਹਲਚਲ ਦੇਖਣ ਨੂੰ ਮਿਲੀ। ਪੁਲਿਸ ਕਾਰਵਾਈ ਦੌਰਾਨ ਇੱਕ ਮਹਿਲਾ ਤੇ ਇੱਕ ਪੁਰਸ਼ ਨੂੰ ਮੌਕੇ ਤੋਂ ਪੁੱਛਗਿੱਛ ਲਈ ਕਾਬੂ ਕੀਤਾ ਗਿਆ ਹੈ। ਹਾਲਾਂਕਿ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਮੁੱਢਲੀ ਜਾਂਚ ਵਿੱਚ ਅਜੇ ਤੱਕ ਦੇਹ ਵਪਾਰ ਸਬੰਧੀ ਕੋਈ ਪੁਸ਼ਟੀ ਨਹੀਂ ਹੋਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ। ਮੁਹੱਲਾ ਮਹਿਰਿਆਂ ਦੇ ਵਾਸੀ ਸ਼ਮਸ਼ੇਰ ਸਿੰਘ, ਬਿੱਟੂ ਤੇ ਦਰਸ਼ਨਾ ਸਮੇਤ ਹੋਰ ਲੋਕਾਂ ਨੇ ਦਾਅਵਾ ਕੀਤਾ ਕਿ ਉਕਤ ਸਥਾਨ 'ਤੇ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਕਥਿਤ ਤੌਰ 'ਤੇ ਦੇਹ ਵਪਾਰ ਚੱਲ ਰਿਹਾ ਹੈ ਤੇ ਰੋਜ਼ਾਨਾ ਇੱਥੇ ਜਨਾਨੀਆਂ ਤੇ 14,15 ਸਾਲ ਦੀਆਂ ਲੜਕੀਆਂ ਵੀ ਆਉਂਦੀਆਂ ਹਨ। ਲੋਕਾਂ ਨੇ ਆਪਣੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਕੂਲ ਦੇ ਨੇੜੇ ਅਜਿਹੀਆਂ ਗਤੀਵਿਧੀਆਂ ਦੇ ਦੋਸ਼ਾਂ ਨੇ ਮਾਪਿਆਂ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਤੇ ਡੂੰਘੀ ਜਾਂਚ ਕਰਕੇ ਜੇਕਰ ਕੋਈ ਗਲਤ ਕੰਮ ਸਾਹਮਣੇ ਆਉਂਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇ।
ਮਹਿਲਾ ਨੇ ਦੋਸ਼ ਨਕਾਰੇ : ਦੂਜੇ ਪਾਸੇ ਪੁਲਿਸ ਵੱਲੋਂ ਪੁੱਛਗਿੱਛ ਲਈ ਕਾਬੂ ਕੀਤੀ ਗਈ ਮਹਿਲਾ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਨਿੱਜੀ ਕੰਮ ਲਈ ਉੱਥੇ ਆਈ ਸੀ। ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ, ਉਸ ਦਾ ਇਸ ਕੰਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਕੀ ਕਹਿੰਦੇ ਹਨ ਜਾਂਚ ਅਧਿਕਾਰੀ
ਮੌਕੇ 'ਤੇ ਪੁੱਜੇ ਏਐੱਸਆਈ ਬਲਦੇਵ ਸਿੰਘ ਨੇ ਕਿਹਾ ਕਿ ਫਿਲਹਾਲ ਜਾਂਚ ਦੌਰਾਨ ਅਜਿਹੀ ਕੋਈ ਪੁਸ਼ਟੀ ਨਹੀਂ ਹੋਈ। ਨਾ ਹੀ ਇੱਥੇ ਕੋਈ ਦੇਹ ਵਪਾਰ ਦੀ ਗੱਲ ਸਾਹਮਣੇ ਆਈ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਪੂਰੇ ਮਾਮਲੇ ਵਿੱਚ ਪੁਲਿਸ ਜਾਂਚ ਸਭ ਤੋਂ ਅਹਿਮ ਕੜੀ ਬਣੀ ਹੋਈ ਹੈ। ਜਾਂਚ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਲਜ਼ਾਮਾਂ ਵਿੱਚ ਕਿੰਨੀ ਸੱਚਾਈ ਹੈ।