ਫਗਵਾੜਾ ਦੇ ਕਈ ਮੈਡੀਕਲ ਸਟੋਰਾਂ ’ਤੇ ਵਿਕ ਰਿਹਾ ਨਸ਼ਾ : ਅਕਾਲੀ ਆਗੂ ਫਗਵਾੜਾ ਦੇ ਕਈ ਮੈਡੀਕਲ ਸਟੋਰਾਂ ’ਤੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਵਿਕਣ ਦੇ ਦੋਸ਼, ਪੁਲਿਸ ਪ੍ਰਸ਼ਾਸਨ ਕਰੇ ਸਖ਼ਤ ਕਾਰਵਾਈ: ਅਕਾਲੀ ਆਗੂ
Publish Date: Mon, 19 Oct 2026 07:26 PM (IST)
Updated Date: Mon, 19 Oct 2026 07:27 PM (IST)
ਪੁਲਿਸ ਪ੍ਰਸ਼ਾਸਨ ਕਰੇ ਸਖ਼ਤ ਕਾਰਵਾਈ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਸ਼ਹਿਰ ਵਿੱਚ ਕਥਿਤ ਤੌਰ ’ਤੇ ਕਈ ਮੈਡੀਕਲ ਸਟੋਰਾਂ ’ਤੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵਿਕਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੇ ਸਬੰਧਤ ਵਿਭਾਗਾਂ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਨਿਰਪੱਖ ਜਾਂਚ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅਕਾਲੀ ਆਗੂਆਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਫਗਵਾੜਾ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਦੇ ਘਰੋਂ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਘਟਨਾ ਤੋਂ ਬਾਅਦ ਵੀ ਸ਼ਹਿਰ ਵਿੱਚ ਅਜਿਹੇ ਗੈਰ-ਕਾਨੂੰਨੀ ਕਾਰੋਬਾਰ ਦੇ ਜਾਰੀ ਰਹਿਣ ਦਾ ਖ਼ਦਸ਼ਾ ਹੈ ਤੇ ਕਈ ਹੋਰ ਮੈਡੀਕਲ ਸਟੋਰਾਂ ’ਤੇ ਵੀ ਕਥਿਤ ਤੌਰ ’ਤੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਮਿਲ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੂੰਗਰਨੀ, ਐੱਸਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਫਗਵਾੜਾ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਤੇ ਬੱਬੂ ਵਾਲੀਆ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜੇਕਰ ਫਗਵਾੜਾ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਸਬੰਧੀ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਤਾਂ ਪੁਲਿਸ ਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਹਰਕਤ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਮਾਨਸਾ ਵਿੱਚ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਮੈਡੀਕਲ ਸਟੋਰ ਮਾਲਕ ਦੀ ਦੁਕਾਨ ਤੇ ਮਕਾਨ ਢਾਹੁਣ ਦੀ ਕਾਰਵਾਈ ਕੀਤੀ ਗਈ ਸੀ। ਆਗੂਆਂ ਨੇ ਸਵਾਲ ਕੀਤਾ ਕਿ ਜੇਕਰ ਫਗਵਾੜਾ ਵਿੱਚ ਵੀ ਨਸ਼ਿਆਂ ਦੇ ਕਾਰੋਬਾਰ ਤੇ ਇਸ ਰਾਹੀਂ ਨਾਜਾਇਜ਼ ਜਾਇਦਾਦਾਂ ਬਣਾਉਣ ਸਬੰਧੀ ਸ਼ਿਕਾਇਤਾਂ ਹਨ ਤਾਂ ਹੁਣ ਤੱਕ ਉਨ੍ਹਾਂ ਵਿਰੁੱਧ ਠੋਸ ਕਾਰਵਾਈ ਕਿਉਂ ਨਹੀਂ ਕੀਤੀ ਗਈ? ਅਕਾਲੀ ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਬਾਰੇ ਮਿਲਣ ਵਾਲੀਆਂ ਸੂਚਨਾਵਾਂ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਅਧਿਕਾਰੀਆਂ ਨੂੰ ਅਜਿਹੇ ਕਾਰੋਬਾਰ ਬਾਰੇ ਜਾਣਕਾਰੀ ਹੈ ਤਾਂ ਕਾਰਵਾਈ ਵਿੱਚ ਦੇਰੀ ਕਿਉਂ ਹੋ ਰਹੀ ਹੈ? ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਮਿਲੀਭੁਗਤ ਦੇ ਸ਼ੱਕ ਨੂੰ ਦੂਰ ਕਰਨ ਲਈ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਫਗਵਾੜਾ ਦੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇ, ਬਿਨਾਂ ਕਾਨੂੰਨੀ ਮਨਜ਼ੂਰੀ ਜਾਂ ਨਿਯਮਾਂ ਦੇ ਉਲਟ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਨਸ਼ਿਆਂ ਦੀ ਕਮਾਈ ਨਾਲ ਬਣਾਈਆਂ ਗਈਆਂ ਕਥਿਤ ਨਾਜਾਇਜ਼ ਜਾਇਦਾਦਾਂ ਦੀ ਵੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਜਾਇਦਾਦ ਗੈਰ-ਕਾਨੂੰਨੀ ਸਾਬਤ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।