ਡਡਵਿੰਡੀ ’ਚ ਬਿਨਾਂ ਲਾਈਸੈਂਸ ਵਿਕ ਰਿਹੈ ਪਟਾਕੇ, ਪੁਲਿਸ ਵੱਲੋਂ ਜਾਂਚ ਦਾ ਭਰੋਸਾ ਡਡਵਿੰਡੀ ’ਚ ਬਿਨਾਂ ਆਰਜ਼ੀ ਲਾਇਸੈਂਸ ਪਟਾਕਿਆਂ ਦੀ ਵਿਕਰੀ ਦੇ ਲੋਕਾਂ ਵੱਲੋਂ ਲਗਾਏ ਦੋਸ਼, ਪੁਲਿਸ ਵੱਲੋਂ ਜਾਂਚ ਦਾ ਭਰੋਸਾ
Publish Date: Mon, 19 Oct 2026 07:18 PM (IST)
Updated Date: Mon, 19 Oct 2026 07:21 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਆਰਜ਼ੀ ਲਾਇਸੈਂਸਾਂ ਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਲੋਕਾਂ ਵੱਲੋਂ ਸਵਾਲ ਉੱਠ ਰਹੇ ਹਨ ਤੇ ਸਥਾਨਕ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪਟਾਕਿਆਂ ਦੀ ਵਿਕਰੀ ਕਰਨ ਵਾਲਿਆਂ ਦੇ ਲਾਇਸੈਂਸਾਂ ਦੀ ਜਾਂਚ ਕੀਤੀ ਜਾਵੇ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਡਡਵਿੰਡੀ ਤੇ ਸੁਲਤਾਨਪੁਰ ਲੋਧੀ ਦੇ ਆਸ-ਪਾਸ ਦੇ ਪਿੰਡਾਂ ਵਿੱਚ ਪਟਾਕਿਆਂ ਦੀ ਵਿਕਰੀ ਦੌਰਾਨ ਜੇਕਰ ਲੋੜੀਂਦੇ ਆਰਜ਼ੀ ਲਾਇਸੈਂਸਾਂ ਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਇਹ ਲੋਕਾਂ ਦੀ ਸੁਰੱਖਿਆ ਲਈ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ? ਇਸ ਸਬੰਧੀ ਜਦੋਂ ਚੌਂਕੀ ਇੰਚਾਰਜ ਮੋਠਾਂਵਾਲਾ ਐੱਸਆਈ ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ “ਅਸੀਂ ਇਸ ਦੀ ਜਾਂਚ ਕਰਾਂਗੇ।” ਇਸ ਤੋਂ ਬਾਅਦ ਉਨ੍ਹਾਂ ਕਿਸੇ ਅਧਿਕਾਰੀ ਨਾਲ ਫੋਨ ’ਤੇ ਗੱਲ ਕਰਨ ਦਾ ਹਵਾਲਾ ਦਿੰਦਿਆਂ ਜਲਦੀ ਨਾਲ ਫੋਨ ਕੱਟ ਦਿੱਤਾ। ਪੁਲਿਸ ਅਧਿਕਾਰੀ ਵੱਲੋਂ ਜਾਂਚ ਦਾ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਇਹ ਸਵਾਲ ਬਰਕਰਾਰ ਹੈ ਕਿ ਪਟਾਕਿਆਂ ਦੀ ਵਿਕਰੀ ਲਈ ਲੋੜੀਂਦੇ ਲਾਇਸੈਂਸਾਂ ਦੀ ਜਾਂਚ ਕਦੋਂ ਕੀਤੀ ਜਾਵੇਗੀ ਤੇ ਜੇਕਰ ਕੋਈ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕੀ ਕਾਰਵਾਈ ਹੋਵੇਗੀ? ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੋਈ ਠੋਸ ਕਾਰਵਾਈ ਕੀਤੀ ਜਾਂਦੀ ਹੈ ਜਾਂ ਮਾਮਲਾ ਸਿਰਫ਼ ਖ਼ਾਨਾਪੂਰਤੀ ਤੱਕ ਹੀ ਸੀਮਤ ਰਹਿੰਦਾ ਹੈ।