ਸੁਲਤਾਨਪੁਰ ਲੋਧੀ ’ਚ ਕਥਿਤ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਸੁਲਤਾਨਪੁਰ ਲੋਧੀ ’ਚ ਕਥਿਤ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਆਵਾਜਾਈ ਪ੍ਰਭਾਵਿਤ
Publish Date: Thu, 13 Aug 2026 09:35 PM (IST)
Updated Date: Thu, 13 Aug 2026 09:38 PM (IST)
ਸੜਕ ਕਿਨਾਰਿਆਂ ’ਤੇ ਸਕੂਲਾਂ ਦੇ ਸਾਈਨ ਬੋਰਡ, ਬਾਜ਼ਾਰਾਂ ’ਚ ਰੇਹੜੀਆਂ ਤੇ ਦੁਕਾਨਦਾਰਾਂ ਵੱਲੋਂ ਬਾਹਰ ਰੱਖਿਆ ਸਮਾਨ ਬਣਿਆ ਸਮੱਸਿਆ ਦਾ ਕਾਰਨ ਪਰਮਜੀਤ ਸਿੰਘ ਪੰਜਾਬੀ ਜਾਗਰਣ ਆਰਸੀਐੱਫ/ਡਡਵਿੰਡੀ : ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿੱਚ ਇਨ੍ਹੀਂ ਦਿਨੀਂ ਕਥਿਤ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਵਿੱਤਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਗਏ ਕਥਿਤ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਰੋਜਾਨਾ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਬਾਜ਼ਾਰਾਂ ਵਿੱਚ ਸੜਕਾਂ ਦੇ ਕਿਨਾਰਿਆਂ ’ਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਸਬਜ਼ੀਆਂ ਤੇ ਫਲਾਂ ਦੀਆਂ ਰੇਹੜੀਆਂ ਲਗਾਉਣ ਤੋਂ ਇਲਾਵਾ ਕਈ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਰੋਜ਼ਾਨਾ ਸਮਾਨ ਵੀ ਰੱਖਿਆ ਜਾਂਦਾ ਹੈ। ਇਸ ਕਾਰਨ ਪੈਦਲ ਰਾਹਗੀਰਾਂ, ਦੋਪਹੀਆ ਵਾਹਨ ਚਾਲਕਾਂ ਤੇ ਹੋਰ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਤੇ ਕਈ ਥਾਵਾਂ ’ਤੇ ਟ੍ਰੈਫਿਕ ਦੀ ਸਮੱਸਿਆ ਵੀ ਪੈਦਾ ਹੋ ਰਹੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਵੀ ਕਈ ਵਾਰ ਕਥਿਤ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਰੇਹੜੀਆਂ ਤੇ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਹਟਵਾਇਆ ਗਿਆ ਹੈ, ਪਰ ਕੁਝ ਸਮੇਂ ਬਾਅਦ ਹਾਲਾਤ ਮੁੜ ਪਹਿਲਾਂ ਵਰਗੇ ਹੋ ਜਾਂਦੇ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਕਥਿਤ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸਿਰਫ਼ ਆਰਜ਼ੀ ਮੁਹਿੰਮ ਦੀ ਬਜਾਏ ਨਿਯਮਤ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਹੀ ਸੁਲਤਾਨਪੁਰ ਲੋਧੀ–ਤਲਵੰਡੀ ਚੌਧਰੀਆਂ ਰੋਡ ’ਤੇ ਵੀ ਕੁਝ ਨਿੱਜੀ ਸਕੂਲਾਂ ਵੱਲੋਂ ਸੜਕ ਕਿਨਾਰੇ ਸਾਈਨ ਬੋਰਡ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਣ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਝ ਨਿੱਜੀ ਸਕੂਲਾਂ ਕੋਲ ਐਨਓਸੀ ਹੋਣ ਦੀ ਗੱਲ ਸਾਹਮਣੇ ਆਈ ਹੈ, ਜਦਕਿ ਕੁਝ ਵੱਲੋਂ ਐੱਨਓਸੀ ਲਈ ਅਰਜ਼ੀਆਂ ਦਿੱਤੀਆਂ ਹੋਈਆਂ ਦੱਸੀਆਂ ਜਾਂਦੀਆਂ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਐੱਨਓਸੀ ਦੀ ਸਥਿਤੀ ਸਪੱਸ਼ਟ ਕਰਦਿਆਂ ਇਹ ਵੀ ਜਾਂਚਿਆ ਜਾਣਾ ਚਾਹੀਦਾ ਹੈ ਕਿ ਸੜਕ ਕਿਨਾਰੇ ਲਗਾਏ ਗਏ ਸਾਈਨ ਬੋਰਡ ਨਿਰਧਾਰਤ ਨਿਯਮਾਂ ਅਨੁਸਾਰ ਹਨ ਜਾਂ ਨਹੀਂ। ਵਣ ਵਿਭਾਗ ਦੇ ਸੂਤਰਾਂ ਅਨੁਸਾਰ ਇੱਕ ਨਿੱਜੀ ਸਕੂਲ ਵੱਲੋਂ ਸੜਕ ਕਿਨਾਰੇ ਕਥਿਤ ਤੌਰ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਸਬੰਧੀ ਮਾਮਲਾ ਪਿਛਲੇ ਕੁਝ ਸਾਲਾਂ ਤੋਂ ਮਾਣਯੋਗ ਅਦਾਲਤ ਵਿੱਚ ਵੀ ਵਿਚਾਰ ਅਧੀਨ ਹੈ। ਹਾਲਾਂਕਿ ਇਸ ਸਬੰਧੀ ਅਦਾਲਤੀ ਫ਼ੈਸਲੇ ਤੇ ਅਧਿਕਾਰਤ ਰਿਕਾਰਡ ਤੋਂ ਹੀ ਸਥਿਤੀ ਸਪੱਸ਼ਟ ਹੋਵੇਗੀ। ਇਸ ਸਬੰਧੀ ਜਦੋਂ ਬਲਾਕ ਅਫ਼ਸਰ ਵਣ ਵਿਭਾਗ, ਸੁਲਤਾਨਪੁਰ ਲੋਧੀ, ਫੂਲਾ ਸਿੰਘ ਨਾਲ ਪੰਜਾਬੀ ਜਾਗਰਣ ਵੱਲੋ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਹੁਦਾ ਸੰਭਾਲੇ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ। ਉਹ ਕਥਿਤ ਨਾਜਾਇਜ਼ ਕਬਜ਼ਿਆਂ ਸਬੰਧੀ ਜਾਣਕਾਰੀ ਹਾਸਲ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਐੱਨਓਸੀ ਹੈ ਤਾਂ ਉਸ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਕੋਲ ਲੋੜੀਂਦੀ ਮਨਜ਼ੂਰੀ ਨਹੀਂ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉੱਥੇ ਹੀ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਈਓ ਕਮਲਜੀਤ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਪਹਿਲਾਂ ਵੀ ਇੱਕ-ਦੋ ਵਾਰ ਰੇਹੜੀ ਵਾਲਿਆਂ ਤੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਨਾਜਾਇਜ਼ ਕਬਜ਼ੇ ਨਾ ਕਰਨ ਅਤੇ ਦੁਕਾਨਾਂ ਦੇ ਬਾਹਰ ਸਮਾਨ ਨਾ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਐੱਸਡੀਐੱਮ ਸੁਲਤਾਨਪੁਰ ਲੋਧੀ ਨਾਲ ਤਾਲਮੇਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਅੰਦਰ ਕਥਿਤ ਨਾਜਾਇਜ਼ ਕਬਜ਼ੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ।