ਅਮਿਤ ਸ਼ਾਹ ਦੀ ਪਹਿਲਕਦਮੀ ਚੰਗਾ ਉਪਰਾਲਾ : ਰਾਜ ਅਮਿਤ ਸ਼ਾਹ ਦੀ ਪਹਿਲਕਦਮੀ ਨੇ ਨਸ਼ਿਆਂ ਵਿਰੁੱਧ ਲੜ ਰਹੇ ਪਰਿਵਾਰਾਂ ਨੂੰ ਹੋਂਸਲਾ ਪ੍ਰਦਾਨ ਕੀਤਾ ਹੈ : ਸਰਬਜੀਤ ਰਾਜ
Publish Date: Tue, 27 Oct 2026 08:26 PM (IST)
Updated Date: Tue, 27 Oct 2026 08:28 PM (IST)
ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਸੁਰੱਖਿਆ ਤੇ ਨਿਆਂ ਮਿਲਣਾ ਜ਼ਰੂਰੀ ਨਸ਼ਿਆਂ ਵਿਰੁੱਧ ਲੜ ਰਹੇ ਪਰਿਵਾਰਾਂ ਨੂੰ ਹੌਸਲਾ ਮਿਲਿਆ ਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਫੇਰੀ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਤੇ ਉਨ੍ਹਾਂ ਦਾ ਦੁੱਖ ਸਾਂਝਾ ਕਰਨ ਦੀ ਪਹਿਲਕਦਮੀ ਦਾ ਸਵਾਗਤ ਕਰਦਿਆਂ ਆਲ ਇੰਡੀਆ ਕ੍ਰਿਸ਼ਚੀਅਨ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਇੱਕ ਸ਼ਲਾਘਾਯੋਗ ਕਦਮ ਹੈ। ਇਸ ਨਾਲ ਨਸ਼ਿਆਂ ਵਿਰੁੱਧ ਲੜ ਰਹੇ ਪਰਿਵਾਰਾਂ ਨੂੰ ਹਿੰਮਤ ਤੇ ਤਾਕਤ ਮਿਲਦੀ ਹੈ। ਨਸ਼ੇ ਦੀ ਲਤ ਵਿਰੁੱਧ ਲੜ ਰਹੇ ਪਰਿਵਾਰਾਂ ਦੇ ਦਰਦ ਨੂੰ ਸਮਝਣਾ ਮਹੱਤਵਪੂਰਨ ਹੈ। ਸਰਬਜੀਤ ਰਾਜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਲਈ ਜਿਹੜੇ ਲੋਕ ਨਸ਼ੇ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਂਦੇ ਹਨ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਹਨ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਇਹ ਸਮਾਜ ਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਤੇ ਉਨ੍ਹਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪ੍ਰਭਾਵਿਤ ਪਰਿਵਾਰਾਂ ਨਾਲ ਸੰਚਾਰ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਹੈ। ਇਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਇਹ ਭਰੋਸਾ ਮਿਲਦਾ ਹੈ ਕਿ ਉਨ੍ਹਾਂ ਦੇ ਦਰਦ ਤੇ ਸੰਘਰਸ਼ ਨੂੰ ਸਮਝਣ ਵਾਲੇ ਲੋਕ ਉਨ੍ਹਾਂ ਦੇ ਨਾਲ ਖੜ੍ਹੇ ਹਨ। ਸਰਬਜੀਤ ਰਾਜ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਜਾਂ ਪ੍ਰਸ਼ਾਸਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮਾਂ ਚਲਾਉਣ, ਪਰਿਵਾਰਾਂ ਦਾ ਸਮਰਥਨ ਕਰਨ ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਸੁਰੱਖਿਆ ਤੇ ਨਿਆਂ ਮਿਲਣਾ ਚਾਹੀਦਾ ਹੈ ਤਾਂ ਜੋ ਦੂਸਰੇ ਵੀ ਬਿਨਾਂ ਕਿਸੇ ਡਰ ਦੇ ਸਮਾਜ ਦੀ ਭਲਾਈ ਲਈ ਅੱਗੇ ਆ ਸਕਣ। ਸਰਬਜੀਤ ਰਾਜ ਅਨੁਸਾਰ ਕੇਂਦਰ ਸਰਕਾਰ ਦੀਆਂ ਅਜਿਹੀਆਂ ਪਹਿਲਕਦਮੀਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਮਜ਼ਬੂਤ ਕਰ ਸਕਦੀਆਂ ਹਨ।