ਮੋਗਾ ਰੈਲੀ ਆਪ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ : ਖੋਜੇਵਾਲ
ਅਮਿਤ ਸ਼ਾਹ ਦੀ ਮੋਗਾ ਰੈਲੀ ਭਾਜਪਾ ’ਚ ਨਵਾਂ ਉਤਸ਼ਾਹ ਭਰੇਗੀ ਤੇ ਆਪ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ : ਖੋਜੇਵਾਲ
Publish Date: Tue, 10 Mar 2026 09:58 PM (IST)
Updated Date: Tue, 10 Mar 2026 10:00 PM (IST)

ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਰੈਲੀ ਸਬੰਧੀ ਭਾਜਪਾ ਆਗੂਆਂ ਨਾਲ ਕੀਤੀ ਮੀਟਿੰਗ ਭਾਜਪਾ ਨੂੰ ਮਿਲੀ ਤਾਕਤ, 10 ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਬਦਲਾਅ ਰੈਲੀ ਸਬੰਧੀ ਕਪੂਰਥਲਾ ਹਲਕੇ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਸ਼ਾਮਲ ਹੋਏ। ਮੀਟਿੰਗ ਦਾ ਮੁੱਖ ਉਦੇਸ਼ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਤੇ ਵਰਕਰਾਂ ’ਚ ਜੋਸ਼ ਭਰਨਾ ਸੀ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਮੋਗਾ ਵਿਚ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਸਾਬਤ ਹੋਵੇਗੀ। ਇਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ-1 ਸ਼ਾਲੀਮਾਰ ਐਵੇਨਿਊ ਦੇ 10 ਪਰਿਵਾਰਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਨਵੇਂ ਮੈਂਬਰਾਂ ਦਾ ਪਾਰਟੀ ਦਾ ਭਾਜਪਾ ਪਰਿਵਾਰ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਪਾਰਟੀ ਅੰਦਰ ਸਾਰਿਆਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ ਤੇ ਆਗੂਆਂ ਨੂੰ ਹਲਕੇ ਦੇ ਲੋਕਾਂ ਦੀ ਵੱਡੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਖੋਜੇਵਾਲ ਨੇ ਕਿਹਾ ਕਿ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਬਦਲਾਅ ਰੈਲੀ ਪੰਜਾਬ ਦੇ ਰਾਜਨੀਤਿਕ ਦ੍ਰਿਸ਼ ਵਿਚ ਇਕ ਗੇਮ-ਚੇਂਜਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਤੇ ਹੁਣ ਸੂਬੇ ਵਿਚ ਇਕ ਮਜ਼ਬੂਤ ਤੇ ਲੋਕ-ਪੱਖੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਮੇਸ਼ਾ ਲੋਕਾਂ ਦੀ ਭਲਾਈ ਤੇ ਦੇਸ਼ ਦੀ ਤਰੱਕੀ ਲਈ ਕੰਮ ਕੀਤਾ ਹੈ ਤੇ ਭਵਿੱਖ ਵਿਚ ਪੰਜਾਬ ਦੇ ਵਿਕਾਸ ਲਈ ਵਚਨਬੱਧ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 14 ਮਾਰਚ ਦੀ ਰੈਲੀ ਨਾ ਸਿਰਫ਼ ਭਾਜਪਾ ਵਰਕਰਾਂ ਵਿਚ ਨਵਾਂ ਉਤਸ਼ਾਹ ਤੇ ਊਰਜਾ ਭਰੇਗੀ ਬਲਕਿ ਸੂਬੇ ਵਿਚ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਜੜ੍ਹਾਂ ਨੂੰ ਵੀ ਹਿਲਾ ਦੇਵੇਗੀ। ਉਨ੍ਹਾਂ ਨੇ ਵਰਕਰਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਕਪੂਰਥਲਾ ਤੇ ਆਸਪਾਸ ਦੇ ਇਲਾਕਿਆਂ ਤੋਂ ਵਰਕਰਾਂ ਦਾ ਇਕ ਵੱਡਾ ਕਾਫਲਾ ਮੋਗਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਜੀ ਦਾ ਆਉਣਾ ਪੰਜਾਬ ਭਾਜਪਾ ਲਈ ਇਕ ਨਵੀਂ ਜ਼ਿੰਦਗੀ ਵਾਂਗ ਹੈ ਤੇ ਪਾਰਟੀ ਸੂਬੇ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਤਿਆਰ ਹੈ। ਖੋਜੇਵਾਲ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਤੇ ਉਨ੍ਹਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਤਾਂ ਜੋ ਮੋਗਾ ਦੀ ਇਹ ਬਦਲਾਅ ਰੈਲੀ ਇਤਿਹਾਸਕ ਬਣ ਸਕੇ। ਇਸ ਮੌਕੇ ਰਿੰਕੂ ਮਿਸ਼ਰਾ, ਮਾਨਯਤਾ ਮਿਸ਼ਰਾ, ਬਲਬੀਰ ਸਿੰਘ, ਮੰਗਾ, ਲਾਡਾ, ਭਾਜਪਾ ਮੰਡਲ-2 ਦੇ ਪ੍ਰਧਾਨ ਲੱਕੀ ਸਰਪੰਚ, ਮੰਡਲ-1 ਦੇ ਪ੍ਰਧਾਨ ਕਮਲ ਪ੍ਰਭਾਕਰ, ਮੱਸਾ ਸਿੰਘ, ਸੰਨੀ ਬੈਂਸ, ਅਨਿਲ ਕੁਮਾਰ ਰਾਜਨ, ਸਰਬਜੀਤ ਬੰਟੀ, ਸਾਹਿਲ ਵਾਲੀਆ, ਜਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਮੌਜੂਦ ਸਨ।