ਸੁਖਬੀਰ ਦੀ ਅਗਵਾਈ ’ਚ ਬਣੇਗੀ ਗੱਠਜੋੜ ਸਰਕਾਰ 2027 ‘ਚ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣੇਗੀ ਅਕਾਲੀ-ਭਾਜਪਾ ਗਠਜੋੜ ਸਰਕਾਰ : ਭੁੰਗਰਨੀ/ਠੇਕੇਦਾਰ
Publish Date: Tue, 24 Nov 2026 08:14 PM (IST)
Updated Date: Tue, 24 Nov 2026 08:16 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੁੰਗਰਨੀ ਤੇ ਐੱਸਸੀ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ (ਸਟੇਟ ਡੈਲੀਗੇਸ਼ਨ ਕਮੇਟੀ ਮੈਂਬਰ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਐੱਨਡੀਏ ਵਿੱਚ ਸ਼ਾਮਲ ਹੋਣ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਮੁੜ ਹੋਂਦ ਵਿੱਚ ਆਉਣਾ ਪੰਜਾਬ ਤੇ ਪੰਥ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਫੈਸਲਾ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਦਾ ਹਰ ਅਹੁਦੇਦਾਰ ਤੇ ਮੈਂਬਰ ਦਿਲੋਂ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਅਨੇਕਾਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਖਾਸ ਤੌਰ ’ਤੇ ਨਸ਼ਾ, ਬੇਰੁਜ਼ਗਾਰੀ, ਅਮਨ-ਕਾਨੂੰਨ ਦੀ ਸਥਿਤੀ ਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ ’ਤੇ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਤੇ ਠੋਸ ਅਗਵਾਈ ਦੀ ਲੋੜ ਹੈ। ਭੁੰਗਰਨੀ ਤੇ ਠੇਕੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਗੱਠਜੋੜ ਦੀ ਮਜ਼ਬੂਤੀ ਲਈ ਪੂਰੀ ਨਿਸ਼ਠਾ ਤੇ ਸਮਰਪਣ ਨਾਲ ਕੰਮ ਕਰੇਗਾ। ਫਗਵਾੜਾ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਵੱਲੋਂ ਜਿਸ ਵੀ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ, ਉਸ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦਾ ਹਰ ਅਹੁਦੇਦਾਰ ਤੇ ਮੈਂਬਰ ਪੂਰੀ ਤਾਕਤ ਨਾਲ ਜੁਟੇਗਾ। ਦੋਵਾਂ ਆਗੂਆਂ ਨੇ ਸਪਸ਼ਟ ਕਿਹਾ ਕਿ ਗੱਠਜੋੜ ਦੇ ਐਲਾਨ ਤੇ ਭਾਜਪਾ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਭਰਾ ਸਵੀਕਾਰ ਕਰਨ ਦੇ ਨਾਲ ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਗਿਆ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਮੁੜ ਵਿਕਾਸ ਤੇ ਖੁਸ਼ਹਾਲੀ ਦੀ ਰਾਹ ’ਤੇ ਅੱਗੇ ਵਧੇਗਾ।