2027 ’ਚ ਅਕਾਲੀ-ਭਾਜਪਾ ਦੀ ਸਰਕਾਰ ਬਣੇਗੀ : ਜਥੇ. ਡੋਗਰਾਂਵਾਲ 2027 ਵਿੱਚ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ : ਜਥੇਦਾਰ ਡੋਗਰਾਂਵਾਲ
Publish Date: Sun, 29 Nov 2026 09:24 PM (IST)
Updated Date: Sun, 29 Nov 2026 09:25 PM (IST)
ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਵਰਕਰਾਂ ਨੇ ਵੰਡੇ ਲੱਡੂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿੱਚ ਵੀ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਜਥੇਦਾਰ ਗੁਰਦਿਆਲ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਅਕਾਲੀ ਭਾਜਪਾ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਭਾਜਪਾ ਦੇ ਹਲਕਾ ਇੰਚਾਰਜ ਰਕੇਸ਼ ਕੁਮਾਰ ਨੀਟੂ ਸਮੇਤ ਅਕਾਲੀ ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਸ਼ਾਮਲ ਹੋਏ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਭਾਜਪਾ ਦੇ ਹਲਕਾ ਇੰਚਾਰਜ ਰਾਕੇਸ਼ ਕੁਮਾਰ ਨੀਟੂ ਤੇ ਮੰਡਲ ਪ੍ਰਧਾਨ ਡਾ. ਰਾਕੇਸ਼ ਪੁਰੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕੀਤਾ। ਇਸ ਮੌਕੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਗੱਠਜੋੜ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਗਠਜੋੜ ਵੱਲ ਪੂਰੇ ਪੰਜਾਬ ਦੀਆਂ ਨਿਗਾਹਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਇਸ ਗੱਠਜੋੜ ਨੂੰ ਲੈ ਕੇ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਪਹਿਲ ਦੇ ਆਧਾਰ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਨੂੰ ਵੀ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਲਖਵਿੰਦਰ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਇਟਲੀ, ਭਾਈ ਹਰਜਿੰਦਰ ਸਿੰਘ ਅਡੀਸ਼ਨਲ ਹੈੱਡ ਗ੍ਰੰਥੀ, ਜਥੇਦਾਰ ਗੁਰਦਿਆਲ ਸਿੰਘ ਖਾਲਸਾ ਮੈਂਬਰ ਪੀਏਸੀ ਅਕਾਲੀ ਦਲ, ਰਾਕੇਸ਼ ਕੁਮਾਰ ਨੀਟੂ ਹਲਕਾ ਇੰਚਾਰਜ ਭਾਜਪਾ ਸੁਲਤਾਨਪੁਰ ਲੋਧੀ, ਮੰਡਲ ਪ੍ਰਧਾਨ ਰਾਕੇਸ਼ ਪੁਰੀ, ਚਤਰ ਸਿੰਘ ਜੋਸਨ ਜਨਰਲ ਸਕੱਤਰ, ਮਹਿਲਾ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਕੌਰ, ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਜੇ ਸ਼ੰਕਰ ਜੋਸ਼ੀ, ਰਾਜਬੀਰ ਸਿੰਘ ਰਿਟਾਇਰਡ ਸਟੇਸ਼ਨ ਮਾਸਟਰ, ਧਰਮਰਾਜ, ਪ੍ਰਧਾਨ ਅਸ਼ੋਕ ਕਨੌਜੀਆ, ਖਜਾਨਚੀ ਮੁਕੇਸ਼ ਧੀਰ, ਪ੍ਰੇਮ ਭਗਤ, ਚਰਨਜੀਤ ਸਿੰਘ, ਸੁਧੀਰ ਸਹੋਤਾ ਸਕੱਤਰ, ਸੁਰਜੀਤ ਸਿੰਘ ਅਰੋੜਾ, ਕਰਮਜੀਤ ਸਿੰਘ, ਤਰਸੇਮ ਸਿੰਘ ਡੌਲਾ, ਦੀਦਾਰ ਸਿੰਘ ਡੌਲਾ, ਬਲਵਿੰਦਰ ਕੁਮਾਰ, ਗੁਰਮਿੰਦਰ ਸਿੰਘ, ਮੁਖਤਿਆਰ ਸਿੰਘ ਸਰੂਪਵਾਲ, ਹਰਚਰਨ ਸਿੰਘ ਹੈਪੀ ਆਦਿ ਵੀ ਹਾਜ਼ਰ ਸਨ। ਸੁਲਤਾਨਪੁਰ ਲੋਧੀ ਦੀ ਟਿਕਟ ਜਥੇ. ਡੋਗਰਾਂਵਾਲ ਨੂੰ ਦੇਣ ਦੀ ਮੰਗ ਮੀਟਿੰਗ ਦੌਰਾਨ ਭਾਜਪਾ ਦੇ ਹਲਕਾ ਇੰਚਾਰਜ ਰਾਕੇਸ਼ ਕੁਮਾਰ ਨੀਟੂ, ਮੰਡਲ ਪ੍ਰਧਾਨ ਡਾ. ਰਾਕੇਸ਼ ਪੁਰੀ, ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਜੇ ਸ਼ੰਕਰ ਜੋਸ਼ੀ, ਮਹਿਲਾ ਮੋਰਚਾ ਦੀ ਜ਼ਿਲ੍ਹਾ ਵਾਈਸ ਪ੍ਰਧਾਨ ਸਰਬਜੀਤ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਜਥੇਦਾਰ ਗੁਰਦਿਆਲ ਸਿੰਘ ਖਾਲਸਾ ਸਮੇਤ ਮੌਜੂਦ ਆਗੂਆਂ ਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਸੁਲਤਾਨਪੁਰ ਲੋਧੀ ਤੋਂ ਪਾਰਟੀ ਦੀ ਟਿਕਟ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੂੰ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਪਾਰਟੀ ਦੇ ਪੁਰਾਣੇ ਤੇ ਟਕਸਾਲੀ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਤੇ ਪੰਥਕ ਸੇਵਾਵਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜਥੇਦਾਰ ਡੋਗਰਾਂਵਾਲ ਨਾਲ ਚਟਾਨ ਵਾਂਗ ਖੜ੍ਹੇ ਹਨ ਤੇ ਉਨ੍ਹਾਂ ਦੀ ਉਮੀਦਵਾਰੀ ਦਾ ਪੂਰਾ ਸਮਰਥਨ ਕਰਦੇ ਹਨ।