ਬਾਲ ਵਿਆਹ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਘੰਟਾ ਘਰ ਸਕੂਲ ਕਪੂਰਥਲਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ
Publish Date: Fri, 27 Nov 2026 07:03 PM (IST)
Updated Date: Fri, 27 Nov 2026 07:04 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅੱਜ 27 ਨਵੰਬਰ ਨੂੰ ਅੰਤਰਰਾਸ਼ਟਰੀ ਬਾਲ, ਛੋਟੀ ਉਮਰ ਤੇ ਜ਼ਬਰਦਸਤੀ ਵਿਆਹ ਖ਼ਾਤਮੇ ਦਿਵਸ ਦੇ ਮੌਕੇ ’ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਜ਼ਿਲ੍ਹਾ ਯੁਵਾ ਬਾਲ ਵਿਕਾਸ ਸੰਗਠਨ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆ) ਕਪੂਰਥਲਾ ਵਿਖੇ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਜੀਵ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੁਵਾ ਬਾਲ ਵਿਕਾਸ ਸੰਗਠਨ ਦੇ ਮੈਂਬਰ ਡਾ. ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਉਨ੍ਹਾਂ ਵੱਲੋਂ ਬਾਲ ਵਿਆਹ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤੇ ਬਾਲ ਵਿਆਹ ਦੇ ਕਾਰਨਾਂ, ਇਸ ਦੇ ਮਾੜੇ ਪ੍ਰਭਾਵਾਂ ਤੇ ਇਸ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਬਾਲ ਵਿਆਹ ਬੱਚਿਆਂ ਦੇ ਬਚਪਨ, ਸਿੱਖਿਆ, ਸਿਹਤ ਤੇ ਭਵਿੱਖ ਤੇ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਬਾਲ ਵਿਆਹ ਰੋਕਥਾਮ ਅਫ਼ਸਰ ਵੱਲੋਂ ਵੀ ਹਾਜ਼ਰ ਬੱਚਿਆਂ ਤੇ ਲੋਕਾਂ ਨੂੰ ਬਾਲ ਵਿਆਹ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਸਮਾਗਮ ਵਿੱਚ ਬਾਲ ਵਿਆਹ ਰੋਕੂ ਅਧਿਕਾਰੀ, ਆਂਗਣਵਾੜੀ ਵਰਕਰਾਂ, ਸਕੂਲ ਦੇ ਬੱਚਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸਟਾਫ਼ ਤੇ ਚਾਈਲਡ ਹੈਲਪਲਾਈਨ ਦੇ ਸਟਾਫ਼ ਵੱਲੋਂ ਸ਼ਮੂਲੀਅਤ ਕੀਤੀ ਗਈ।