ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਮੀਟਿੰਗ ਕੀਤੀ ਦਿਆਲਪੁਰ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਮੀਟਿੰਗ ਕਰਵਾਈ
Publish Date: Tue, 03 Nov 2026 09:55 PM (IST)
Updated Date: Tue, 03 Nov 2026 09:56 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸਹਿਕਾਰਤਾ ਵਿਭਾਗ ਵੱਲੋਂ ਦਿਆਲਪੁਰ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਇੱਕ ਆਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਡਾ. ਜਗਜੀਤ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਗੁਰਯਾਦਵਿੰਦਰ ਸਿੰਘ, ਇੰਸਪੈਕਟਰ ਸੁਖਜੀਤ ਸਿੰਘ ਅਤੇ ਸਭਾ ਦੇ ਸਕੱਤਰ ਪਰਗਟ ਸਿੰਘ ਹਾਜ਼ਰ ਰਹੇ। ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਮਿੱਤਰ ਕੀੜੇ ਤੇ ਜ਼ਮੀਨ ਦੇ ਲਾਭਦਾਇਕ ਸੂਖਮ ਜੀਵ ਨਸ਼ਟ ਹੁੰਦੇ ਹਨ ਤੇ ਮਨੁੱਖੀ ਸਿਹਤ, ਖਾਸ ਕਰਕੇ ਸਾਹ ਸਬੰਧੀ ਬਿਮਾਰੀਆਂ ਦਾ ਖ਼ਤਰਾ ਵਧਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਖੇਤੀਬਾੜੀ ਸਭਾਵਾਂ ਰਾਹੀਂ ਉਪਲਬਧ ਮਸ਼ੀਨਰੀ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਪ੍ਰਣ ਲੈਣ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਅਪੀਲ ਕੀਤੀ।