ਰਾਮਗੜ੍ਹੀਆ ਕਾਲਜ ਨੇ ਜਾਗਰੂਕਤਾ ਰੈਲੀ ਕੱਢੀ ਰਾਮਗੜ੍ਹੀਆ ਕਾਲਜ ਵਿੱਚ ਨਸ਼ਾ ਮੁਕਤ ਯੁਵਾ ਸੰਕਲਪ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ
Publish Date: Sun, 15 Nov 2026 06:31 PM (IST)
Updated Date: Sun, 15 Nov 2026 06:33 PM (IST)
ਕੈਪਸ਼ਨ-15ਪੀਐਚਜੀ1 ਰਾਮਗੜ੍ਹੀਆ ਕਾਲਜ ਵਿਚ ਕਰਵਾਏ ਨਸ਼ਾ ਮੁਕਤ ਯੁਵਾ ਸੰਕਲਪ ਅਭਿਆਨ ਦੌਰਾਨ ਪ੍ਰਿੰਸੀਪਲ ਡਾ. ਵੰਦਨਾ ਬੰਸਲ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ। ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਜੀ ਦੀ ਦੂਰਅੰਦੇਸ਼ ਅਗਵਾਈ ਹੇਠ ਚਲ ਰਹੇ ਰਾਮਗੜ੍ਹੀਆ ਕਾਲਜ, ਫਗਵਾੜਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ ਤੇ ਰਵਾਇਤੀ ਖੇਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਰਮੋਦ ਜੀ, ਹੈੱਡ, ਐੱਸਐੱਸ ਆਫ਼ ਫਾਈਵ ਸਟੇਟਸ; ਪਰਮਜੀਤ ਢਿੱਲੋਂ, ਵਾਈਸ ਪ੍ਰੈਜ਼ੀਡੈਂਟ, ਨਸ਼ਾ ਮੁਕਤ ਚੇਤਨਾ ਸੰਘ ਤੇ ਮੈਡਮ ਬਲਵਿੰਦਰ ਕੌਰ, ਸਬ-ਇੰਸਪੈਕਟਰ, ਆਰਪੀਐੱਫ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕੁਸ਼ਤੀ, ਸਟਾਪੂ, ਕਬੱਡੀ ਸਮੇਤ ਵੱਖ-ਵੱਖ ਰਵਾਇਤੀ ਪੰਜਾਬੀ ਖੇਡਾਂ ਤੇ ਹੋਰ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਕਾਲਜ ਦੇ ਪ੍ਰਿੰਸੀਪਲ ਡਾ. ਵੰਦਨਾ ਬੰਸਲ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਦੂਤ ਬਣਨ ਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਤੇ ਨੌਜਵਾਨਾਂ ਵਿੱਚ ਅਨੁਸ਼ਾਸਨ, ਸਰੀਰਕ ਤੰਦਰੁਸਤੀ ਤੇ ਸਕਾਰਾਤਮਕ ਸੋਚ ਵਿਕਸਿਤ ਕਰਨ ਵਿੱਚ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਮਾਗਮ ਦੇ ਕੋਆਰਡੀਨੇਟਰ ਡਾ. ਹਰਮੀਤ ਕੌਰ ਨੇ ਕਿਹਾ ਕਿ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਮੁਹਿੰਮ ਤਹਿਤ ਵਿਰਾਸਤੀ ਖੇਡਾਂ ਤੇ ਜਾਗਰੂਕਤਾ ਰੈਲੀ ਕਰਵਾਈ ਗਈ ਹੈ। ਕਾਲਜ ਦੇ ਐੱਨਐੱਸਐੱਸ ਯੂਨਿਟ ਤੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮਹਿਮਾਨਾਂ ਨੇ ਵਿਦਿਆਰਥੀਆਂ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਹ ਮੁਹਿੰਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵੱਲੋਂ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਦੇ ਸੰਦੇਸ਼ ਦੇ ਵਾਹਕ ਬਣਾਉਣਾ ਤੇ ਵਿਕਸਿਤ ਭਾਰਤ-2047 ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਉਨ੍ਹਾਂ ਦੀ ਭੂਮਿਕਾ ਯਕੀਨੀ ਬਣਾਉਣਾ ਹੈ। ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ ਡਾ. ਵੰਦਨਾ ਬਾਂਸਲ ਤੇ ਸਮਾਗਮ ਦੇ ਕੋਆਰਡੀਨੇਟਰ ਡਾ. ਹਰਮੀਤ ਕੌਰ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।