ਲਾਇਲਪੁਰ ਖ਼ਾਲਸਾ ਕਾਲਜਮ ’ਚ ਜਾਗਰੂਕਤਾ ਸੈਮੀਨਾਰ ਕਰਵਾਇਆ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ‘ਨਸ਼ਾ ਮੁਕਤ ਯੁਵਾ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Sat, 24 Oct 2026 06:31 PM (IST)
Updated Date: Sat, 24 Oct 2026 06:34 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਐੱਨਐੱਸਐੱਸ. ਯੂਨਿਟ ਤੇ ਰੈੱਡ ਰਿਬਨ ਕਲੱਬ ਵੱਲੋਂ ਮਾਈ ਭਾਰਤ ਕੇਂਦਰ, ਕਪੂਰਥਲਾ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ’ ਮੁਹਿੰਮ ਤਹਿਤ ਨੌਜ਼ਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਸਮਾਗਮ ਵਿੱਚ ਜ਼ਿਲ੍ਹਾ ਯੂਥ ਅਫ਼ਸਰ ਗਗਨਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਰਿਸੋਰਸ ਪਰਸਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਦਮਨਜੀਤ ਕੌਰ ਅਤੇ ਪ੍ਰੋ. ਵਰਿੰਦਰ ਕੌਰ ਨੇ ਵੀ ਰਿਸੋਰਸ ਪਰਸਨ ਵਜੋਂ ਆਪਣੇ ਵਿਚਾਰ ਪੇਸ਼ ਕੀਤੇ। ਮੁੱਖ ਮਹਿਮਾਨ ਗਗਨਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਅਨਮੋਲ ਸਰਮਾਇਆ ਤੇ ਰਾਸ਼ਟਰ ਦੀ ਤਰੱਕੀ ਦਾ ਅਹਿਮ ਆਧਾਰ ਹੁੰਦੇ ਹਨ। ਮੁੱਖ ਰਿਸੋਰਸ ਪਰਸਨ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕੇਵਲ ਇੱਕ ਵਿਅਕਤੀ ਜਾਂ ਪਰਿਵਾਰ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਇਸ ਦਾ ਪ੍ਰਭਾਵ ਸਮੁੱਚੇ ਸਮਾਜ ਤੇ ਦੇਸ਼ ਦੇ ਭਵਿੱਖ ਉੱਤੇ ਪੈਂਦਾ ਹੈ। ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਗਿਆਨਕ ਤੇ ਤੱਥ-ਆਧਾਰਿਤ ਜਾਣਕਾਰੀ ਦੇਣੀ ਸਮੇਂ ਦੀ ਲੋੜ ਹੈ। ਪ੍ਰੋ. ਦਮਨਜੀਤ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣਾ, ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਤੇ ਸਹੀ ਜੀਵਨ-ਸੇਧ ਦੇਣਾ ਬਹੁਤ ਜ਼ਰੂਰੀ ਹੈ। ਪ੍ਰੋ. ਵਰਿੰਦਰ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿੱਖਿਆ ਤੇ ਜਾਗਰੂਕਤਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹਨ। ਸੈਮੀਨਾਰ ਦੌਰਾਨ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚ ਵਿਦਿਆਰਥੀ ਸਮਰਜੀਤ ਨੇ ਪਹਿਲਾ, ਸਿਮਰਨ ਨੇ ਦੂਸਰਾ ਤੇ ਹਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾ. ਅਮਰੀਕ ਸਿੰਘ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਜਸਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।