ਯੂਨੀਵਰਸਿਟੀ ਕਾਲਜ ’ਚ ਕੁਇੱਜ਼ ਮੁਕਾਬਲਾ ਕਰਵਾਇਆ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਏਕ ਭਾਰਤ ਸ੍ਰੇਸ਼ਠ ਭਾਰਤ ਪ੍ਰੋਗਰਾਮ ਤਹਿਤ ਅੰਗਰੇਜ਼ੀ ਸਾਹਿਤ ਕੁਇੱਜ਼ ਮੁਕਾਬਲਾ ਕਰਵਾਇਆ
Publish Date: Sun, 01 Nov 2026 07:39 PM (IST)
Updated Date: Sun, 01 Nov 2026 07:41 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ ਅੰਗਰੇਜ਼ੀ ਵਿਭਾਗ ਵੱਲੋਂ ਏਕ ਭਾਰਤ ਸ੍ਰੇਸ਼ਠ ਭਾਰਤ ਪ੍ਰੋਗਰਾਮ ਤਹਿਤ ਅੰਗਰੇਜ਼ੀ ਸਾਹਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿੱਚ ਅੰਗਰੇਜ਼ੀ ਸਾਹਿਤ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਦੇ ਸਾਹਿਤਕ ਗਿਆਨ ਵਿੱਚ ਵਾਧਾ ਕਰਨਾ ਤੇ ਪ੍ਰਸਿੱਧ ਲੇਖਕਾਂ, ਸਾਹਿਤਕ ਰਚਨਾਵਾਂ, ਮਹੱਤਵਪੂਰਨ ਪਾਤਰਾਂ ਤੇ ਸਾਹਿਤਕ ਲਹਿਰਾਂ ਬਾਰੇ ਜਾਣਕਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ। ਕੁਇੱਜ਼ ਵਿੱਚ ਸਾਹਿਤ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨਾਂ ਰਾਹੀਂ ਵਿਦਿਆਰਥਣਾਂ ਦੇ ਗਿਆਨ ਤੇ ਬੌਧਿਕ ਸਮਰੱਥਾ ਨੂੰ ਪਰਖਿਆ ਗਿਆ। ਇਸ ਗਤੀਵਿਧੀ ਨੇ ਵਿਦਿਆਰਥਣਾਂ ਨੂੰ ਆਪਣੇ ਗਿਆਨ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਨਵੀਆਂ ਸਾਹਿਤਕ ਜਾਣਕਾਰੀਆਂ ਹਾਸਲ ਕਰਨ ਦਾ ਮੌਕਾ ਵੀ ਪ੍ਰਦਾਨ ਕੀਤਾ। ਏਕ ਭਾਰਤ ਸ੍ਰੇਸ਼ਠ ਭਾਰਤ ਪ੍ਰੋਗਰਾਮ ਦਾ ਉਦੇਸ਼ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਭਾਸ਼ਾ, ਸਾਹਿਤ, ਸੱਭਿਆਚਾਰ ਤੇ ਪਰੰਪਰਾਵਾਂ ਬਾਰੇ ਜਾਣਕਾਰੀ ਸਾਂਝੀ ਕਰਕੇ ਆਪਸੀ ਸਾਂਝ ਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸੇ ਭਾਵਨਾ ਨੂੰ ਮੁੱਖ ਰੱਖਦਿਆਂ ਕਰਵਾਏ ਗਏ ਇਸ ਮੁਕਾਬਲੇ ਰਾਹੀਂ ਵਿਦਿਆਰਥਣਾਂ ਵਿੱਚ ਸਾਹਿਤਕ ਜਾਗਰੂਕਤਾ, ਟੀਮ ਭਾਵਨਾ, ਆਪਸੀ ਸਹਿਯੋਗ ਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਿਆਨਵਰਧਕ ਅਤੇ ਸਿਰਜਣਾਤਮਕ ਗਤੀਵਿਧੀਆਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਹਿਤ ਮਨੁੱਖ ਦੀ ਸੋਚ ਨੂੰ ਵਿਸ਼ਾਲ ਕਰਨ ਤੇ ਵੱਖ-ਵੱਖ ਸੱਭਿਆਚਾਰਾਂ ਨੂੰ ਸਮਝਣ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ।