ਖੁਦਕੁਸ਼ੀ ਮਾਮਲੇ ’ਚ ਵਿੱਤ ਮੰਤਰੀ ਖ਼ਿਲਾਫ਼ ਦਰਜ ਹੋਵੇ ਐੱਫਆਈਆਰ : ਧਾਲੀਵਾਲ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਦਰਜ ਹੋਵੇ ਐੱਫ.ਆਈ.ਆਰ. - ਧਾਲੀਵਾਲ
Publish Date: Tue, 22 Sep 2026 08:19 PM (IST)
Updated Date: Tue, 22 Sep 2026 08:21 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਵਿਖੇ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਤੁਰੰਤ ਐੱਫਆਈਆਰ ਦਰਜ ਕਰਕੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਡੀਜੀਪੀ ਪੰਜਾਬ ਦੇ ਨਾਮ ਫਗਵਾੜਾ ਦੇ ਐੱਸਪੀ ਮੇਜਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਵਿੱਚ ਕਾਂਗਰਸ ਆਗੂਆਂ ਨੇ ਕਿਹਾ ਕਿ ਚੀਮਾ ਦੇ ਹਲਕਾ ਦਿੜ੍ਹਬਾ ਇਲਾਕੇ ਦੇ ਵਸਨੀਕ ਦਲਿਤ ਗੁਲਜ਼ਾਰ ਸਿੰਘ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਨੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਗੁਲਜ਼ਾਰ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਉਨ੍ਹਾਂ ਦੇ ਸਾਥੀਆਂ ’ਤੇ ਡਰਾਉਣ-ਧਮਕਾਉਣ ਤੇ ਜ਼ਲੀਲ ਕੀਤੇ ਜਾਣ ਦੇ ਦੋਸ਼ ਲਗਾਉਂਦਿਆਂ ਹਰਪਾਲ ਸਿੰਘ ਚੀਮਾ ਨੂੰ ਆਪਣੀ ਖੁਦਕੁਸ਼ੀ ਲਈ ਜ਼ਿੰਮੇਵਾਰ ਦੱਸਿਆ ਸੀ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ, ਪਰ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਮ ਦਰਜ ਕਰਨ ਤੋਂ ਗੁਰੇਜ਼ ਕੀਤਾ ਗਿਆ ਹੈ। ਕਾਂਗਰਸ ਨੇ ਸਵਾਲ ਉਠਾਇਆ ਕਿ ਜੇਕਰ ਮ੍ਰਿਤਕ ਨੇ ਆਪਣੀ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਕਿਸੇ ਵਿਅਕਤੀ ਨੂੰ ਆਪਣੀ ਖੁਦਕੁਸ਼ੀ ਲਈ ਜ਼ਿੰਮੇਵਾਰ ਦੱਸਿਆ ਹੈ ਤਾਂ ਉਸ ਪੱਖ ਦੀ ਵੀ ਕਾਨੂੰਨ ਅਨੁਸਾਰ ਜਾਂਚ ਕਿਉਂ ਨਾ ਕੀਤੀ ਜਾਵੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜੇਕਰ ਜਾਂਚ ਦੌਰਾਨ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਕਾਂਗਰਸ ਨੇ ਮੰਗ ਕੀਤੀ ਕਿ ਹਰਪਾਲ ਸਿੰਘ ਚੀਮਾ ਨੂੰ ਪਾਰਟੀ ਤੇ ਸਰਕਾਰੀ ਅਹੁਦਿਆਂ ਤੋਂ ਹਟਾਇਆ ਜਾਵੇ ਤਾਂ ਜੋ ਉਹ ਆਪਣੇ ਅਹੁਦੇ ਜਾਂ ਪ੍ਰਭਾਵ ਦੀ ਵਰਤੋਂ ਕਰਕੇ ਮ੍ਰਿਤਕ ਦੇ ਪਰਿਵਾਰ ’ਤੇ ਕਿਸੇ ਤਰ੍ਹਾਂ ਦਾ ਦਬਾਅ ਨਾ ਪਾ ਸਕਣ। ਕਾਂਗਰਸ ਪਾਰਟੀ ਦੇ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਦਾ ਅੰਤਿਮ ਸੰਸਕਾਰ ਪਰਿਵਾਰ ਦੀ ਇੱਛਾ ਦੇ ਉਲਟ ਸਰਕਾਰ ਵੱਲੋਂ ਜ਼ਬਰਦਸਤੀ ਕਰਵਾਇਆ ਗਿਆ। ਕਾਂਗਰਸ ਨੇ ਮੰਗ ਕੀਤੀ ਕਿ ਮ੍ਰਿਤਕ ਗੁਲਜ਼ਾਰ ਸਿੰਘ ਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਵੱਲੋਂ ਮਾਮਲੇ ਵਿੱਚ ਹਰ ਪੱਖ ਦੀ ਨਿਰਪੱਖ ਜਾਂਚ ਕੀਤੀ ਜਾਵੇ ਤੇ ਸਾਰੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ। ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਮਾਮਲੇ ਵਿੱਚ ਕਾਂਗਰਸ ਵੱਲੋਂ ਲਗਾਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਟੀਸ਼ਨ ’ਤੇ ਸੁਣਵਾਈ ਹੋ ਚੁੱਕੀ ਹੈ ਤੇ ਅਦਾਲਤ ਨੇ ਸਰਕਾਰ ਤੋਂ ਮਾਮਲੇ ਦੀ ਸਥਿਤੀ ਬਾਰੇ ਰਿਪੋਰਟ ਮੰਗੀ ਹੈ। ਇਸ ਮੌਕੇ ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਤੇ ਦਿਹਾਤੀ ਦੇ ਸਮੂਹ ਕਾਂਗਰਸੀ ਵਰਕਰ, ਸਮਰਥਕ, ਐੱਸਸੀ ਵਿੰਗ, ਮਹਿਲਾ ਵਿੰਗ, ਓਬੀਸੀ ਵਿੰਗ ਤੇ ਯੂਥ ਕਾਂਗਰਸ ਦੇ ਆਗੂ, ਪਿੰਡ ਦੇ ਸਰਪੰਚ, ਪੰਚ, ਨੰਬਰਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।