ਕਿਸਾਨ ਆਪਣੇ ਹੱਕਾਂ ਪ੍ਰਤੀ ਲਾਮਬੰਦ ਹੋਣ : ਚੌਹਾਨ
ਪਿੰਡ ਵਾਟਾਵਾਲੀ ਕਲਾਂ ਵਿੱਚ ਦੋਆਬਾ ਕਿਸਾਨ ਕਮੇਟੀ ਦੀ ਅਹਿਮ ਬੈਠਕ ਹੋਈ
Publish Date: Mon, 06 Apr 2026 07:06 PM (IST)
Updated Date: Mon, 06 Apr 2026 07:10 PM (IST)

ਪਿੰਡ ਵਾਟਾਂਵਾਲੀ ਕਲਾਂ ’ਚ ਦੋਆਬਾ ਕਿਸਾਨ ਕਮੇਟੀ ਦੀ ਅਹਿਮ ਬੈਠਕ ਹੋਈ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਪਿੰਡ ਵਾਟਾਵਾਲੀ ਕਲਾਂ ਵਿਚ ਇਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ ਜੋ ਕਿ ਇਕ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਜਰਨਲ ਸਕੱਤਰ ਪ੍ਰਿਤਪਾਲ ਸਿੰਘ ਗੁਰਾਇਆ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਦਕਿ ਜਥੇਬੰਦੀ ਦੇ ਹੋਰ ਬਹੁਤ ਸਾਰੇ ਆਗੂ ਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਕਿਸਾਨੀ ਨਾਲ ਜੁੜੇ ਮੌਜੂਦਾ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਹੀ ਇਕੱਲਾ ਐਸਾ ਖੇਤਰ ਬਚਿਆ ਹੈ ਜੋ ਅਜੇ ਤੱਕ ਵੱਡੇ ਕਾਰਪੋਰੇਟ ਘਰਾਣਿਆਂ ਦੇ ਪੂਰੇ ਕਬਜ਼ੇ ਤੋਂ ਬਚਿਆ ਹੋਇਆ ਹੈ, ਪਰ ਹੁਣ ਇਸ ‘ਤੇ ਵੀ ਹੌਲੀ-ਹੌਲੀ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨ ਇਕੱਠੇ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿਚ ਖੇਤੀਬਾੜੀ ਪੂਰੀ ਤਰ੍ਹਾਂ ਕਾਰਪੋਰੇਟ ਹੱਥਾਂ ਵਿਚ ਜਾ ਸਕਦੀ ਹੈ, ਜਿਸ ਨਾਲ ਕਿਸਾਨ ਵਰਗ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ। ਇਸ ਮੌਕੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਕਾਰਾਂ ਲਗਾਤਾਰ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਬਚਾਉਣ ਲਈ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਤੇ ਪਿੰਡ ਪੱਧਰ ‘ਤੇ ਇਕਾਈਆਂ ਬਣਾਕੇ ਸੰਘਰਸ਼ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੀਆਂ ਇਕਾਈਆਂ ਬਣਾਈਆਂ ਜਾਣਗੀਆਂ, ਤਾਂ ਜੋ ਕਿਸਾਨਾਂ ਦੀ ਆਵਾਜ਼ ਮਜ਼ਬੂਤੀ ਨਾਲ ਉੱਠ ਸਕੇ ਤੇ ਉਨ੍ਹਾਂ ਦੇ ਹੱਕਾਂ ਲਈ ਸੰਗਠਿਤ ਢੰਗ ਨਾਲ ਲੜਾਈ ਲੜੀ ਜਾ ਸਕੇ। ਪ੍ਰਧਾਨ ਚੌਹਾਨ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਏਕਤਾ ਬਣਾਈ ਰੱਖਣੀ ਹੋਵੇਗੀ ਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਝੁਕਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਮੁੱਖ ਨਿਸ਼ਾਨਾ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਕੌਮ ਭਾਵੇਂ ਗਿਣਤੀ ਵਿਚ ਘੱਟ (ਲਗਭਗ 2%) ਹੈ, ਪਰ ਹੱਕਾਂ ਦੀ ਲੜਾਈ ਵਿਚ ਹਮੇਸ਼ਾਂ ਅੱਗੇ ਰਹੀ ਹੈ ਤੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਦੇ ਵੱਡੀ ਗਿਣਤੀ ਵਿਚ ਵਿਦੇਸ਼ ਜਾਣ ਦੇ ਰੁਝਾਨ ‘ਤੇ ਵੀ ਚਿੰਤਾ ਜਤਾਈ ਤੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣਦੀ ਜਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਜੇਕਰ ਦੂਜੀਆਂ ਸਟੇਟਾਂ ਵਿਚ ਅਫੀਮ ਦੀ ਖੇਤੀ ਹੋ ਰਹੀ ਹੈ ਤਾਂ ਪੰਜਾਬ ’ਚ ਵੀ ਅਫੀਮ ਦੀ ਖੇਤੀ ਦੀ ਛੋਟ ਦਿੱਤੀ ਜਾਵੇ। ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕਪੂਰਥਲਾ ਨੇ ਆਪਣੇ ਸੰਬੋਧਨ ਵਿਚ ਖਾਸ ਤੌਰ ‘ਤੇ ਜ਼ਿਲ੍ਹੇ ਵਿਚ ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਬਹੁਤ ਸਮਾਂ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਅਜੇ ਤੱਕ ਕੋਈ ਯੋਗ ਮੁਆਵਜ਼ਾ ਨਹੀਂ ਮਿਲਿਆ, ਜਿਸ ਕਾਰਨ ਉਹ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਸ ਵਿਸ਼ਾਲ ਮੀਟਿੰਗ ’ਚ ਸਟੇਜ ਸੈਕਟਰੀ ਦੀ ਭੂਮਿਕਾ ਬਿਰਕਮਜੀਤ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਮੀਤ ਪ੍ਰਧਾਨ ਜ਼ਿਲ੍ਹਾ ਜਲੰਧਰ ਰਣਜੀਤ ਸਿੰਘ ਦਾਰੇਵਾਲ, ਜ਼ਿਲ੍ਹਾ ਪ੍ਰਧਾਨ ਕਪੂਰਥਲਾ ਬਲਦੇਵ ਸਿੰਘ ਚੰਨਣਵਿੰਡੀ, ਸਾਬਕਾ ਸਰਪੰਚ ਚਰਨ ਸਿੰਘ ਵਾਟਾਂ ਵਾਲੀ ਕਲਾਂ, ਸਰਪੰਚ ਗੁਰਮੀਤ ਸਿੰਘ ਵਾਟਾਂ ਵਾਲੀ ਖੁਰਦ, ਸਲਵਿੰਦਰ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਸ਼ਾਹਵਾਲਾ, ਬਲਜਿੰਦਰ ਸਿੰਘ ਪੰਨੂ ਦਾਰੇਵਾਲ, ਸਾਬਕਾ ਸਰਪੰਚ ਗੁਰਮੀਤ ਸਿੰਘ ਹੈਪੀ, ਜਸਵੰਤ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ ਨੰਬਰਦਾਰ, ਮਲਕੀਤ ਸਿੰਘ, ਮੰਗਲ ਸਿੰਘ, ਤੇਜਾ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਅਜਮੇਰ ਸਿੰਘ ਨੰਬਰਦਾਰ, ਬਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਦਰਸ਼ਨ ਸਿੰਘ, ਡਾ ਗੁਰਜੀਤ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ ਖਿੰਡਾ, ਜਗਤਾਰ ਸਿੰਘ, ਸ਼ਿੰਦਰਪਾਲ ਸਿੰਘ ਚੰਦੀ, ਮਹਿੰਦਰ ਸਿੰਘ, ਲਖਵਿੰਦਰ ਸਿੰਘ, ਫੁੱਮਣ ਸਿੰਘ, ਸੰਤੋਖ ਸਿੰਘ, ਅਮਰਜੀਤ ਸਿੰਘ, ਅਰਸ਼ਦੀਪ ਸਿੰਘ, ਬਲਦੇਵ ਸਿੰਘ, ਬਖਸ਼ੀਸ਼ ਸਿੰਘ, ਬਲਵੰਤ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਅਜੀਤ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ ਆਦਿ ਸਮੇਤ ਹੋਰ ਕਈ ਆਗੂ ਤੇ ਕਿਸਾਨ ਹਾਜ਼ਰ ਸਨ।