ਕਣਕ ਦੀ ਖਰੀਦ ਨਾ ਸ਼ੁਰੂ ਹੋਣ 'ਤੇ 17 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਰੇਲਾਂ ਰੋਕਣ ਦਾ ਐਲਾਨ

ਪਰਮਜੀਤ ਸਿੰਘ, ਪੰਜਾਬੀ ਜਾਗਰਣ
ਡਡਵਿੰਡੀ : ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹੋਰ ਫਸਲਾਂ ਦੇ ਵੱਡੇ ਨੁਕਸਾਨ ਦੇ ਬਾਵਜੂਦ ਕਣਕ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਨਾ ਹੋਣ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਮਨਜੀਤ ਸਿੰਘ ਧਨੇਰ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵੱਲੋਂ ਸਾਂਝੇ ਤੌਰ ’ਤੇ ਫੈਸਲਾ ਲੈਂਦਿਆਂ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਨੂੰ ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੀ ਹਮਾਇਤ ਦਿੱਤੀ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਖਰੀਦ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਰੁਲ ਰਹੀ ਹੈ ਅਤੇ ਵਪਾਰੀ ਕਿਸਾਨਾਂ ਦੀ ਮਜਬੂਰੀ ਦਾ ਫਾਇਦਾ ਚੁੱਕਦੇ ਹੋਏ ਰੇਟਾਂ ਵਿੱਚ ਕਟੌਤੀ ਕਰ ਰਹੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੈ ਅਤੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਜਿਵੇਂ ਛਾਂ ਅਤੇ ਵਾਸ਼ਰੂਮ ਦੀ ਵੀ ਕਮੀ ਹੈ। ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਵੱਲੋਂ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਨਾਲ ਹੀ ਪੰਜਾਬ ਦੀਆਂ ਸਾਰੀਆਂ ਸੰਘਰਸ਼ੀ ਜਥੇਬੰਦੀਆਂ ਨੂੰ ਸਾਂਝੇ ਐਕਸ਼ਨ ਲਈ ਅਪੀਲ ਕੀਤੀ ਗਈ ਹੈ।
ਇਸ ਰੇਲ ਜਾਮ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਸਬੰਧਤ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਸੁਖਵਿੰਦਰ ਸਿੰਘ ਸਭਰਾ), ਬੀਕੇਯੂ ਏਕਤਾ ਆਜ਼ਾਦ (ਜਸਵਿੰਦਰ ਸਿੰਘ ਲੌਂਗੋਵਾਲ), ਬੀਕੇਯੂ ਕ੍ਰਾਂਤੀਕਾਰੀ (ਬਲਦੇਵ ਸਿੰਘ ਜੀਰਾ), ਬੀਕੇਯੂ ਬਹਿਰਾਮਕੇ (ਬਲਵੰਤ ਸਿੰਘ ਬਹਿਰਾਮਕੇ) , ਬੀਕੇਯੂ ਦੋਆਬਾ (ਮਨਜੀਤ ਸਿੰਘ ਰਾਏ), ਕਿਸਾਨ ਮਜ਼ਦੂਰ ਹਿੱਤਕਾਰੀ ਸਭਾ (ਓਂਕਾਰ ਸਿੰਘ ਭੰਗਾਲਾ), ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ( ਦਿਲਬਾਗ ਸਿੰਘ ਗਿੱਲ), ਬੀਕੇਯੂ ਭਟੇੜੀ (ਜੰਗ ਸਿੰਘ ਭਟੇੜੀ), ਕਿਸਾਨ ਮਜ਼ਦੂਰ ਮੋਰਚਾ ਪੰਜਾਬ (ਮਲਕੀਤ ਸਿੰਘ ਗੁਲਾਮੀ ਵਾਲਾ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਜਥੇਬੰਦੀਆਂ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਮਨਜੀਤ ਸਿੰਘ ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾਕਟਰ ਦਰਸ਼ਨ ਪਾਲ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਹਰਭਜਨ ਸਿੰਘ ਬੁੱਟਰ), ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ (ਬੂਟਾ ਸਿੰਘ ਸ਼ਾਦੀਪੁਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਸੁਖਦੇਵ ਸਿੰਘ ਅਰਾਈਆਂਵਾਲਾ) ਅਤੇ ਕੌਮੀ ਕਿਸਾਨ ਯੂਨੀਅਨ (ਬਿੰਦਰ ਸਿੰਘ ਗੋਲੇਵਾਲਾ) ਸ਼ਾਮਿਲ ਹੋਣਗੀਆਂ। ਇਹ ਪ੍ਰੋਗਰਾਮ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਆਜ਼ਾਦ, ਬੀਕੇਯੂ ਕ੍ਰਾਂਤੀਕਾਰੀ, ਬੀਕੇਯੂ ਦੋਆਬਾ, ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਕਈ ਜਥੇਬੰਦੀਆਂ ਵੱਲੋਂ ਮਿਲ ਕੇ ਕੀਤਾ ਜਾਵੇਗਾ।