ਚੇਅਰਮੈਨ ਗਗਨਦੀਪ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ
ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਵੱਲੋਂ ਨਸ਼ਿਆਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ
Publish Date: Sat, 17 Jan 2026 06:57 PM (IST)
Updated Date: Sat, 17 Jan 2026 06:58 PM (IST)
ਕਲੱਬ ਵੱਲੋਂ ਕੀਤੇ ਜਾ ਰਹੇ ਯਤਨਾਂ ਸਬੰਧੀ ਦਿੱਤੀ ਜਾਣਕਾਰੀ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਯਤਨਸ਼ੀਲ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਵੱਲੋਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਕਲੱਬ ਵੱਲੋਂ ਕੀਤੇ ਜਾ ਰਹੇ ਯਤਨਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਜਵਾਨੀ ਨੂੰ ਗ਼ਲਤ ਪਾਸੇ ਤੋਰ ਰਹੀਆਂ ਹਨ। ਇਸ ਪਿੱਛੇ ਇਕ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਬਹੁਤ ਸਖ਼ਤ ਹੈ ਅਤੇ ਪੰਜਾਬ ਵਿਚੋਂ ਨਸ਼ਾ ਖਤਮ ਕਰਕੇ ਹੀ ਸਾਹ ਲਵੇਗੀ। ਉਨ੍ਹਾਂ ਕਿਹਾ ਕਿ ਐਂਟੀ ਡਰੱਗ ਕਲੱਬ ਨੂੰ ਸਰਕਾਰ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਕਲੱਬ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ, ਜਿਸ ਦਾ ਆਮ ਲੋਕਾਂ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬੀਆਂ ਦੇ ਜ਼ੋਰ ਨੂੰ ਪੂਰੀ ਦੁਨੀਆ ਮੰਨਦੀ ਸੀ। ਪੰਜਾਬ ਹਰ ਪੱਖੋਂ ਖੁਸ਼ਹਾਲ ਸੀ ਪਰ ਮਾੜੀ ਨੀਅਤ ਰੱਖਣ ਵਾਲੀਆਂ ਕੁੱਝ ਤਾਕਤਾਂ ਕੋਲੋਂ ਇਹ ਬਰਦਾਸ਼ਤ ਨਹੀਂ ਹੋਇਆ, ਜਿਨ੍ਹਾਂ ਨੇ ਰਲਮਿਲ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਾਲੇ ਪਾਸੇ ਲਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਕਪੂਰਥਲਾ, ਨਵਪ੍ਰੀਤ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।