ਨਸ਼ਿਆਂ ਵਿਰੁੱਧ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਸੈਮੀਨਾਰ
ਨਸ਼ਿਆਂ ਵਿਰੁੱਧ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਸੈਮੀਨਾਰ ਦਾ ਆਯੋਜਨ
Publish Date: Wed, 26 Nov 2025 08:41 PM (IST)
Updated Date: Wed, 26 Nov 2025 08:44 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਣੋ ਲੰਗਾ ਵਿਖੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਰਣਜੋਧ ਸਿੰਘ, ਅਨੀਤਾ, ਇੰਦਰਜੀਤ ਸਿੰਘ, ਸਜਲ, ਪੁਨੀਤ ਅਤੇ ਰਮਨ ਮੁੱਖ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿਚ ਫੈਲੇ ਨਸ਼ਿਆਂ ਬਾਰੇ ਜਾਣਕਾਰੀ ਦਿੰਦਿਆਂ ਸਭ ਨੂੰ ਇਨ੍ਹਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਤੇ ਨਵਪ੍ਰੀਤ ਸਿੰਘ ਵੱਲੋਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਉਸ ਦੇ ਤਹਿਤ ਹੀ ਐਂਟੀ ਡਰੱਗ ਕਲੱਬ ਵੱਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਸਕੂਲਾਂ, ਕਾਲਜਾਂ ਵਿਚ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡਾ ਹੁੰਗਾਰਾ ਮਿਲ ਰਿਹਾ ਹੈ। ਪ੍ਰਿੰ. ਸੁਖਵਿੰਦਰ ਸਿੰਘ ਵੱਲੋਂ ਐਂਟੀ ਡਰੱਗ ਕਲੱਬ ਦੁਆਬਾ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਇਸ ਸਮਾਜਿਕ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਨਸ਼ੇ ਵਿਰੁੱਧ ਜਾਗਰੂਕਤਾ ਫੈਲਾਉਣ ਸਬੰਧੀ ਵਿਦਿਆਰਥੀਆਂ ਨੂੰ ਸਹੁੰ ਚੁਕਾਉਂਦਿਆਂ ਇਕ ਸਿਹਤਮੰਦ ਸਮਾਜ ਸਿਰਜਨ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਕੈਪਸ਼ਨ : 26ਕੇਪੀਟੀ27