ਅਨੁਰਾਗ ਮਾਨਖੰਡ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਿਯੁਕਤ ਅਨੁਰਾਗ ਮਾਨਖੰਡ ਨੂੰ ਮਾਰਕੀਟ ਕਮੇਟੀ ਫਗਵਾੜਾ ਦਾ ਚੇਅਰਮੈਨ ਨਿਯੁਕਤ ਕੀਤਾ
Publish Date: Sun, 23 Aug 2026 07:19 PM (IST)
Updated Date: Sun, 23 Aug 2026 07:21 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਜਨਤਾ ਪਾਰਟੀ ਵਿੱਚੋਂ ਮੰਡਲ ਪ੍ਰਧਾਨ ਦਾ ਅਹੁਦਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਨੁਰਾਗ ਮਾਨਖੰਡ ਨੂੰ ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਫਗਵਾੜਾ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਅਨੁਰਾਗ ਮਾਨਖੰਡ ਨੇ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਪਰਸਨ, ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾਕਟਰ ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ। ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਵੱਲੋਂ ਉਨ੍ਹਾਂ ਦੀ ਮਿਹਨਤ ਤੇ ਭਰੋਸੇ ਦਾ ਸਨਮਾਨ ਮੰਨਿਆ ਜਾ ਰਿਹਾ ਹੈ। ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਮਿਲਣ ਉਪਰੰਤ ਅਨੁਰਾਗ ਮਾਨਖੰਡ ਨੇ ਡਾ. ਰਾਜ ਕੁਮਾਰ ਚੱਬੇਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਲ ਸਬੰਧਤ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਵੱਖ-ਵੱਖ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।