ਆਬਕਾਰੀ ਵਿਭਾਗ ਨੇ 10,500 ਲੀਟਰ ਲਾਹਣ ਬਰਾਮਦ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਬਕਾਰੀ ਵਿਭਾਗ ਵੱਲੋਂ ਨੌਂ ਘੰਟਿਆਂ ਦੀ ਕਾਰਵਾਈ ਦੌਰਾਨ 10,500 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ
Publish Date: Sun, 25 Oct 2026 07:30 PM (IST)
Updated Date: Sun, 25 Oct 2026 07:31 PM (IST)
ਗਗਰੇਵਾਲ ਪਿੰਡ ’ਚ ਸਤਲੁਜ ਦਰਿਆ ਦੇ ਕੰਢੇ ਚਲਾਇਆ ਗਿਆ ਤਲਾਸ਼ੀ ਅਭਿਆਨ ਸਵੇਰੇ 5 ਵਜੇ ਤੋਂ ਦੁਪਹਿਰ 2 ਵਜੇ ਤੱਕ ਨੌਂ ਘੰਟਿਆਂ ਤੱਕ ਚੱਲੀ ਮੁਹਿੰਮ ਦੌਰਾਨ ਫੜੀ ਲਾਹਣ ਕੀਤੀ ਨਸ਼ਟ ਸੁਖਪਾਲ ਸਿੰਘ ਹੁੰਦਲ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੇ ਅੱਜ ਗਗਰੇਵਾਲ ਪਿੰਡ ਵਿੱਚ ਸਤਲੁਜ ਦਰਿਆ ਦੇ ਕੰਢੇ ਨੌਂ ਘੰਟਿਆਂ ਤੱਕ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 10,500 ਲੀਟਰ ਲਾਹਣ ਬਰਾਮਦ ਕਰਕੇ ਮੌਕੇ ’ਤੇ ਹੀ ਨਸ਼ਟ ਕਰ ਦਿੱਤੀ ਗਈ। ਇਹ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ, ਡਿਪਟੀ ਆਬਕਾਰੀ ਤੇ ਕਰ ਕਮਿਸ਼ਨਰ (ਆਬਕਾਰੀ) ਰਣਜੀਤ ਸਿੰਘ, ਸਹਾਇਕ ਕਮਿਸ਼ਨਰ ਨਵਜੀਤ ਸਿੰਘ ਤੇ ਆਬਕਾਰੀ ਅਧਿਕਾਰੀ ਸੁਖਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ। ਆਬਕਾਰੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਆਬਕਾਰੀ ਪੁਲਿਸ ਦੇ ਨਾਲ ਮਿਲ ਕੇ ਇਸ ਤਲਾਸ਼ੀ ਅਭਿਆਨ ਦੀ ਅਗਵਾਈ ਕੀਤੀ। ਇਹ ਕਾਰਵਾਈ ਸਵੇਰੇ 5 ਵਜੇ ਸ਼ੁਰੂ ਹੋਈ ਤੇ ਦੁਪਹਿਰ 2 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਕੰਢੇ ਸਥਿਤ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਮੁਹਿੰਮ ਦੌਰਾਨ ਨਾਜਾਇਜ਼ ਸ਼ਰਾਬ ਤਿਆਰ ਕਰਨ ਲਈ ਵਰਤੀ ਜਾਂਦੀ ਕੱਚੀ ਸਮੱਗਰੀ ਲਾਹਣ ਦੇ ਕੁੱਲ 10,500 ਲੀਟਰ ਦੀ ਬਰਾਮਦਗੀ ਕੀਤੀ ਗਈ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਚੈਕਿੰਗ ਮੁਹਿੰਮ ਦਾ ਉਦੇਸ਼ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਠੱਲ੍ਹ ਪਾਉਣਾ ਤੇ ਦਰਿਆ ਦੇ ਕੰਢੇ ਸਥਿਤ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਨੂੰ ਹੋਰ ਸਖ਼ਤ ਕਰਨਾ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਜਾਇਜ਼ ਸ਼ਰਾਬ ਨਾਲ ਸਬੰਧਤ ਗਤੀਵਿਧੀਆਂ ਨੂੰ ਰੋਕਣ ਤੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਿਭਾਗ ਦੇ ਯਤਨਾਂ ਦਾ ਹਿੱਸਾ ਹਨ। ਉਨ੍ਹਾਂ ਦੁਹਰਾਇਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਬਕਾਰੀ ਵਿਭਾਗ ਨਾਜਾਇਜ਼ ਸ਼ਰਾਬ ਦੇ ਨਿਰਮਾਣ ਤੇ ਵਪਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਤੇ ਇਨਫੋਰਸਮੈਂਟ ਕਾਰਵਾਈਆਂ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ।