ਸੁਖਬੀਰ ’ਤੇ ਹਮਲਾ, ਪੰਜਾਬ ਦੀ ਸ਼ਾਂਤੀ ’ਤੇ ਹਮਲਾ : ਜੋਸਨ ਸੁਖਬੀਰ ਬਾਦਲ ’ਤੇ ਹਮਲਾ ਅਤਿ ਨਿੰਦਣਯੋਗ : ਜੋਸਨ
Publish Date: Thu, 13 Aug 2026 09:01 PM (IST)
Updated Date: Thu, 13 Aug 2026 09:02 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਹਲਕਾ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਦੇ ਨੌਜਵਾਨ ਆਗੂ ਇੰਦਰਜੀਤ ਸਿੰਘ ਜੋਸਨ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ, ਖ਼ਾਸ ਕਰਕੇ ਗੁਰੂ ਘਰ ਦੀ ਪਵਿੱਤਰਤਾ ਦਰਮਿਆਨ ਅਜਿਹੀ ਘਟਨਾ ਵਾਪਰਨਾ ਬੇਹੱਦ ਗੰਭੀਰ ਤੇ ਚਿੰਤਾਜਨਕ ਹੈ। ਜੋਸਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਇਹ ਕਾਇਰਾਨਾ ਹਮਲਾ ਸਿਰਫ਼ ਇੱਕ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਤੇ ਕਾਨੂੰਨ-ਵਿਵਸਥਾ ਨੂੰ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਧਾਰਮਿਕ ਅਸਥਾਨਾਂ ਦੇ ਅੰਦਰ ਵੀ ਸਿਆਸੀ ਰੰਜਿਸ਼ ਜਾਂ ਹਿੰਸਾ ਲਈ ਥਾਂ ਬਣਨ ਲੱਗ ਪਈ ਤਾਂ ਇਹ ਪੂਰੇ ਸਮਾਜ ਲਈ ਖ਼ਤਰੇ ਦੀ ਘੰਟੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਸਾਨੂੰ ਸ਼ਾਂਤੀ, ਸਹਿਣਸ਼ੀਲਤਾ, ਨਿਮਰਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ। ਅਜਿਹੇ ਪਵਿੱਤਰ ਸਥਾਨਾਂ ਦੀ ਮਰਿਆਦਾ ਨੂੰ ਭੰਗ ਕਰਨ ਵਾਲੀ ਕਿਸੇ ਵੀ ਘਟਨਾ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ। ਇੰਦਰਜੀਤ ਸਿੰਘ ਜੋਸਨ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਸਿੱਧੇ ਤੌਰ ’ਤੇ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਕੇ ਹਮਲੇ ਦੇ ਪਿੱਛੇ ਅਸਲ ਕਾਰਨਾਂ ਤੇ ਸਾਜ਼ਿਸ਼ ਦੀਆਂ ਸਾਰੀਆਂ ਕੜੀਆਂ ਸਾਹਮਣੇ ਲਿਆਂਦੀਆਂ ਜਾਣ। ਉਨ੍ਹਾਂ ਕਿਹਾ ਕਿ ਸਿਰਫ਼ ਕਾਰਵਾਈ ਦਾ ਦਿਖਾਵਾ ਕਰਨ ਦੀ ਬਜਾਏ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਜੋਸਨ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੱਡੇ ਸਿਆਸੀ ਆਗੂ ’ਤੇ ਸੁਰੱਖਿਆ ਘੇਰੇ ਦੇ ਬਾਵਜੂਦ ਹਮਲਾ ਹੋ ਜਾਂਦਾ ਹੈ ਤਾਂ ਇਸ ਪੂਰੇ ਮਾਮਲੇ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਹਰ ਹਾਲ ਵਿੱਚ ਕਾਇਮ ਰਹਿਣਾ ਚਾਹੀਦਾ ਹੈ ਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧ ਆਪਣੀ ਥਾਂ ਹੈ ਪਰ ਸਿਆਸੀ ਵਿਰੋਧ ਨੂੰ ਹਿੰਸਾ ਵਿੱਚ ਬਦਲਣਾ ਕਿਸੇ ਵੀ ਲੋਕਤੰਤਰ ਵਿੱਚ ਕਬੂਲਯੋਗ ਨਹੀਂ। ਪੰਜਾਬ ਦੀ ਸਿਆਸੀ ਪਰੰਪਰਾ ਬਹਿਸ, ਵਿਚਾਰ ਤੇ ਲੋਕਤੰਤਰਿਕ ਸੰਘਰਸ਼ ਦੀ ਰਹੀ ਹੈ, ਨਾ ਕਿ ਹਿੰਸਾ ਤੇ ਡਰ ਦੀ। ਇੰਦਰਜੀਤ ਸਿੰਘ ਜੋਸਨ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੂੰ ਚੜ੍ਹਦੀ ਕਲਾ ਤੇ ਤੰਦਰੁਸਤੀ ਬਖ਼ਸ਼ਣ ਤੇ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਮਾਹੌਲ ਹੋਰ ਮਜ਼ਬੂਤ ਹੋਵੇ।